
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਯਾਦ ਰਹੇ ਕਿ ਤਿਹਾੜ ਜੇਲ੍ਹ ’ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸੱਜਣ ਕੁਮਾਰ ਦਾ 20 ਅਗਸਤ ਨੂੰ ਦੇਹਾਂਤ ਹੋ ਗਿਆ ਸੀ। ਭਾਜਪਾ ਦੇ ਐੱਮਪੀ ਰਾਮਵੀਰ ਸਿੰਘ ਵਿਧੂੜੀ, ਯੋਗੇਂਦਰ ਚਾਂਦੋਲੀਆ ਤੇ ਕਮਲਜੀਤ ਸਹਿਰਾਵਤ ਨੇ ਦੋ ਦਿਨ ਪਹਿਲਾਂ ਉਨ੍ਹਾਂ ਦੀ ਰਿਹਾਇਸ਼ ’ਤੇ ਜਾ ਕੇ ਪਰਿਵਾਰ ਨਾਲ ਦੁੱਖ ਪ੍ਰਗਟ ਕੀਤਾ ਸੀ।

ਸਟੇਟ ਬਿਊਰੋ, ਜਾਗਰਣ, ਨਵੀਂ ਦਿੱਲੀ: 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ’ਚ ਉਮਰ ਕੈਦ ਦੀ ਸਜ਼ਾ ਪਾਉਣ ਵਾਲੇ ਮਰਹੂਮ ਕਾਂਗਰਸੀ ਆਗੂ ਸੱਜਣ ਕੁਮਾਰ ਦੇ ਘਰ ਜਾ ਕੇ ਭਾਜਪਾ ਦੇ ਤਿੰਨ ਸੰਸਦ ਮੈਂਬਰਾਂ ਵੱਲੋਂ ਸੋਗ ਪ੍ਰਗਟ ਕਰਨ ਦੇ ਮਾਮਲੇ ਨੇ ਤੂਲ ਫੜ ਲਿਆ ਹੈ। ਭਾਜਪਾ ਦੇ ਸੰਸਦ ਮੈਂਬਰਾਂ ਦੇ ਇਸ ਕਦਮ ਤੋਂ ਸਿੱਖ ਭਾਈਚਾਰਾ ਤਾਂ ਨਾਰਾਜ਼ ਹੈ ਹੀ, ਪਾਰਟੀ ’ਚ ਵੀ ਜ਼ਬਰਦਸਤ ਵਿਰੋਧ ਸ਼ੁਰੂ ਹੋ ਗਿਆ ਹੈ। ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਨੇ ਤਿੰਨਾਂ ਸੰਸਦ ਮੈਂਬਰਾਂ ਨੂੰ ਬੁਲਾ ਕੇ ਨਾਰਾਜ਼ਗੀ ਪ੍ਰਗਟਾਈ ਹੈ।
ਯਾਦ ਰਹੇ ਕਿ ਤਿਹਾੜ ਜੇਲ੍ਹ ’ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸੱਜਣ ਕੁਮਾਰ ਦਾ 20 ਅਗਸਤ ਨੂੰ ਦੇਹਾਂਤ ਹੋ ਗਿਆ ਸੀ। ਭਾਜਪਾ ਦੇ ਐੱਮਪੀ ਰਾਮਵੀਰ ਸਿੰਘ ਵਿਧੂੜੀ, ਯੋਗੇਂਦਰ ਚਾਂਦੋਲੀਆ ਤੇ ਕਮਲਜੀਤ ਸਹਿਰਾਵਤ ਨੇ ਦੋ ਦਿਨ ਪਹਿਲਾਂ ਉਨ੍ਹਾਂ ਦੀ ਰਿਹਾਇਸ਼ ’ਤੇ ਜਾ ਕੇ ਪਰਿਵਾਰ ਨਾਲ ਦੁੱਖ ਪ੍ਰਗਟ ਕੀਤਾ ਸੀ। ਭਾਜਪਾ ਦੇ ਸੰਸਦ ਮੈਂਬਰਾਂ ਦੇ ਇਸ ਕਦਮ ਨਾਲ ਸਿੱਖ ਭਾਈਚਾਰੇ ’ਚ ਜ਼ਬਰਦਸਤ ਨਾਰਾਜ਼ਗੀ ਦੇਖੀ ਜਾ ਰਹੀ ਹੈ। ਸਿੱਖ ਵਿਰੋਧੀ ਦੰਗਿਆਂ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਲੰਬੀ ਲੜਾਈ ਲੜਨ ਵਾਲੇ ਪੰਜਾਬ ਦੇ ਭਾਜਪਾ ਆਗੂ ਐੱਚਐੱਸ ਫੂਲਕਾ ਨੇ ਇਸ ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਐਕਸ ’ਤੇ ਲਿਖਿਆ ਕਿ ਇਕ ਪਾਸੇ ਭਾਜਪਾ ਨੇ ਹਮੇਸ਼ਾ 1984 ਦੇ ਪੀੜਤਾਂ ਦਾ ਸਾਥ ਦਿੱਤਾ ਹੈ ਤੇ ਸੱਜਣ ਕੁਮਾਰ ਨੂੰ ਸਜ਼ਾ ਦਿਵਾਉਣ ਲਈ ਸੰਘਰਸ਼ ਕੀਤਾ ਹੈ। ਅਜਿਹੇ ’ਚ ਪਾਰਟੀ ਦੇ ਸੰਸਦ ਮੈਂਬਰਾਂ ਦਾ ਦੋਸ਼ੀ ਦੇ ਘਰ ਜਾ ਕੇ ਸੋਗ ਪ੍ਰਗਟ ਕਰਨਾ ਬਹੁਤ ਸ਼ਰਮਨਾਕ ਹੈ। ਉਨ੍ਹਾਂ ਨੇ ਜਨਤਾ ਨੂੰ ਇਨ੍ਹਾਂ ਤਿੰਨਾਂ ਸੰਸਦ ਮੈਂਬਰਾਂ ਦੇ ਬਾਈਕਾਟ ਦੀ ਅਪੀਲ ਕੀਤੀ। ਦੰਗਾ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਸੰਘਰਸ਼ ਕਰਨ ਵਾਲੇ ਭਾਜਪਾ ਆਗੂ ਆਰਪੀ ਸਿੰਘ ਨੇ ਵੀ ਇਸ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿਆਸਤ ਕਰਨ ਵਾਲਿਆਂ ਨੂੰ ਸਮਾਜਿਕ ਸੰਵੇਦਨਾ ਦਾ ਧਿਆਨ ਰੱਖਣਾ ਚਾਹੀਦਾ ਹੈ। ਸਿੱਖਾਂ ਦੀ ਹੱਤਿਆ ਦੇ ਦੋਸ਼ੀ ਦੇ ਘਰ ਜਾਣਾ ਗ਼ਲਤ ਹੈ। ਭਾਜਪਾ ਹਮੇਸ਼ਾ ਸਿੱਖਾਂ ਨੂੰ ਇਨਸਾਫ਼ ਦਿਵਾਉਣ ਲਈ ਸੰਘਰਸ਼ ਕਰਦੀ ਰਹੀ ਹੈ। ਇਹੀ ਕਾਰਨ ਹੈ ਕਿ ਰਾਸ਼ਟਰੀ ਪ੍ਰਧਾਨ ਨੇ ਤਿੰਨਾਂ ਸੰਸਦ ਮੈਂਬਰਾਂ ਨੂੰ ਬੁਲਾ ਕੇ ਨਾਰਾਜ਼ਗੀ ਪ੍ਰਗਟਾਈ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨੂੰ ਪੱਤਰ ਲਿਖ ਕੇ ਸੰਸਦ ਮੈਂਬਰਾਂ ਦੇ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਤਿੰਨੋ ਸੰਸਦ ਮੈਂਬਰ ਆਪਣੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦੀ ਭੂਮਿਕਾ ਨੂੰ ਭੁੱਲ ਗਏ ਹਨ। ਸਾਬਕਾ ਕੇਂਦਰੀ ਮੰਤਰੀ ਅਰੁਣ ਜੇਤਲੀ ਤੇ ਸੁਸ਼ਮਾ ਸਵਰਾਜ ਹਮੇਸ਼ਾ ਸਾਡੇ ਨਾਲ ਮੋਢੇ ਨਾਲ ਮੋਢਾ ਮਿਲਾ ਕੇ ਇਨਸਾਫ਼ ਦੀ ਲੜਾਈ ਲੜਦੇ ਰਹੇ। ਰੱਖਿਆ ਮੰਤਰੀ ਰਾਜਨਾਥ ਸਿੰਘ ਵੀ ਮਜ਼ਬੂਤੀ ਨਾਲ ਪੀੜਤ ਪਰਿਵਾਰਾਂ ਨਾਲ ਖੜ੍ਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖ਼ੁਦ ਦੰਗਾ ਪੀੜਤਾ ਜਗਦੀਸ਼ ਕੌਰ ਨਾਲ ਮੁਲਾਕਾਤ ਕੀਤੀ ਸੀ ਤੇ ਉਨ੍ਹਾਂ ਨੂੰ ਪੁੱਛਿਆ ਸੀ ਕਿ ਉਨ੍ਹਾਂ ਲਈ ਹੋਰ ਕੀ ਕਰ ਸਕਦੇ ਹਨ। ਮੋਦੀ ਸਰਕਾਰ ਨੇ ਹੀ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਜੁੜੇ ਬੰਦ ਮਾਮਲਿਆਂ ਨੂੰ ਦੁਬਾਰਾ ਖੋਲ੍ਹ ਕੇ ਜਾਂਚ ਸ਼ੁਰੂ ਕੀਤੀ, ਜਿਸ ਨਾਲ ਦੋਸ਼ੀਆਂ ਨੂੰ ਸਜ਼ਾ ਮਿਲ ਰਹੀ ਹੈ। ਇਸ ਮਾਮਲੇ ’ਚ ਤਿੰਨੋ ਸੰਸਦ ਮੈਂਬਰਾਂ ਤੋਂ ਪੱਖ ਲੈਣ ਦੀ ਕੋਸ਼ਿਸ਼ ਕੀਤੀ ਗਈ, ਪਰ ਉਨ੍ਹਾਂ ਨੇ ਫੋਨ ਨਹੀਂ ਚੁੱਕਿਆ।
---