ਸੂਤਰਾਂ ਮੁਤਾਬਕ ਇਸ ਮਤੇ ’ਚ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ ਤੇ ਸੇਵਾ ਮੁਕਤੀ ਸਬੰਧੀ ਨਿਯਮ ਤੈਅ ਕਰਨ ਲਈ ਇਕ ਸਬ ਕਮੇਟੀ ਦਾ ਗਠਨ ਕੀਤਾ ਜਾਵੇਗਾ। ਇਹ ਕਮੇਟੀ ਸਿੱਖ ਸੰਸਥਾਵਾਂ, ਜਥੇਬੰਦੀਆਂ, ਟਕਸਾਲਾਂ, ਨਿਹੰਗ ਸਿੰਘ ਮੁੱਖੀਆਂ, ਸਿੰਘ ਸਭਾਵਾਂ, ਸੰਪਰਦਾਵਾਂ, ਦੇਸ਼-ਵਿਦੇਸ਼ਾਂ ਦੀਆਂ ਗੁਰਦੁਆਰਾ ਕਮੇਟੀਆਂ ਦੀ ਰਾਇ ਲੈ ਕੇ ਜਥੇਦਾਰਾਂ ਦੀ ਨਿਯੁਕਤੀ ਤੇ ਸੇਵਾਮੁਕਤੀ ਸਬੰਧੀ ਨਿਯਮਾਂ ਸਬੰਧੀ ਰਿਪੋਰਟ ਤਿਆਰ ਕਰੇਗੀ।

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਬਜਟ ਇਜਲਾਸ ਸ਼ੁੱਕਰਵਾਰ ਨੂੰ ਹੋਵੇਗਾ। ਤੇਜਾ ਸਿੰਘ ਸਮੁੰਦਰੀ ਹਾਲ ’ਚ ਦੁਪਿਹਰ 12 ਵਜੇ ਸ਼ੁਰੂ ਹੋਣ ਵਾਲੇ ਇਸ ਬਜਟ ਇਜਲਾਸ ’ਚ ਜਿੱਥੇ ਸ਼੍ਰੋਮਣੀ ਕਮੇਟੀ ਦਾ ਸਾਲ 2025-26 ਦਾ ਬਜਟ ਪੇਸ਼ ਕੀਤਾ ਜਾਵੇਗਾ ਉੱਥੇ ਹੀ ਤਖ਼ਤਾਂ ਦੇ ਜਥੇਦਾਰਾਂ ਨਾਲ ਸਬੰਧਤ ਮਤਾ ਵੀ ਪਾਸ ਕੀਤਾ ਜਾਵੇਗਾ। ਬਹੁਗਿਣਤੀ ਮੈਂਬਰਾਂ ਦੀ ਪ੍ਰਵਾਨਗੀ ਨਾਲ ਪਾਸ ਹੋਣ ਮਗਰੋਂ ਇਹੀ ਮਤਾ ਜਥੇਦਾਰਾਂ ਦਾ ਭਵਿੱਖ ਤੈਅ ਕਰੇਗਾ। ਇਸ ਮਤੇ ਤਹਿਤ ਹੀ ਇਹ ਤੈਅ ਹੋਵੇਗਾ ਕਿ ਗਿਆਨੀ ਰਘਬੀਰ ਸਿੰਘ, ਗਿਆਨੀ ਹਰਪ੍ਰੀਤ ਸਿੰਘ, ਗਿਆਨੀ ਸੁਲਤਾਨ ਸਿੰਘ, ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਬਾਬਾ ਟੇਕ ਸਿੰਘ ’ਚੋਂ ਕਿਸ ਨੂੰ ਜਥੇਦਾਰ ਦਾ ਅਹੁਦਾ ਮਿਲੇਗਾ।
ਜ਼ਿਕਰਯੋਗ ਹੈ ਕਿ 10 ਫਰਵਰੀ ਨੂੰ ਅੰਤ੍ਰਿੰਗ ਕਮੇਟੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਵਿਵਾਦ ਕਾਰਨ ਉਨ੍ਹਾਂ ਦੀ ਛੁੱਟੀ ਕਰ ਦਿੱਤੀ ਸੀ। ਇਸ ਤੋਂ ਮਗਰੋਂ ਬਾਅਦ ਸੱਤ ਮਾਰਚ ਨੂੰ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਗਿਆਨੀ ਰਘਬੀਰ ਸਿੰਘ ਦੇ ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੂੰ ਵੀ ਜਥੇਦਾਰ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ। ਇਨ੍ਹਾਂ ਦੀ ਥਾਂ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦਾ ਜਥੇਦਾਰ ਨਿਯੁਕਤ ਕਰ ਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਦਾ ਚਾਰਜ ਦੇ ਦਿੱਤਾ ਗਿਆ। ਜਦਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਬਾਬਾ ਟੇਕ ਸਿੰਘ ਨੂੰ ਜਥੇਦਾਰ ਨਿਯੁਕਤ ਕਰ ਦਿੱਤਾ ਗਿਆ। ਮੌਜੂਦਾ ਹਲਾਤ ’ਚ ਸ਼੍ਰੋਮਣੀ ਕਮੇਟੀ ਦੇ 40 ਦੇ ਕਰੀਬ ਮੈਂਬਰ, ਕੁਝ ਨਿਹੰਗ ਸਿੰਘ ਜਥੇਬੰਦੀਆਂ, ਦਮਦਮੀ ਟਕਸਾਲ ਮਹਿਤਾ, ਦਿੱਲੀ ਕਮੇਟੀ, ਵੱਖ-ਵੱਖ ਸੂਬਿਆਂ ਦੀਆਂ ਜਥੇਬੰਦੀਆਂ ਤੇ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ 10 ਫਰਵਰੀ ਤੇ 7 ਮਾਰਚ ਦੇ ਫ਼ੈਸਲਿਆਂ ’ਤੇ ਇਤਰਾਜ ਕਰ ਰਹੀਆਂ ਹਨ। ਇਹ ਗਿਆਨੀ ਰਘਬੀਰ ਸਿੰਘ, ਗਿਆਨੀ ਹਰਪ੍ਰੀਤ ਸਿੰਘ, ਗਿਆਨੀ ਸੁਲਤਾਨ ਸਿੰਘ ਦੀ ਬਹਾਲੀ ਤੇ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਬਾਬਾ ਟੇਕ ਸਿੰਘ ਦੀ ਨਿਯੁਕਤੀ ਦੇ ਫ਼ੈਸਲਾ ਰੱਦ ਕਰਨ ਦੀ ਮੰਗ ਕਰ ਰਹੀਆਂ। ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਇਸ ਮੁੱਦੇ ’ਤੇ ਸ਼ੁੱਕਰਵਾਰ ਨੂੰ ਦੁਪਿਹਰ 12 ਵਜੇ ਤੇਜਾ ਸਿੰਘ ਸਮੂੰਦਰੀ ਹਾਲ ਦੇ ਬਾਹਰ ਰੋਸ ਧਰਨਾ ਦੇਣ ਦੀਆਂ ਤਿਆਰੀਆਂ ਕਰ ਚੁੱਕੇ ਹਨ।
ਇਸੇ ਇਤਰਾਜ਼ਾਂ ਕਾਰਨ ਪੈਦਾ ਹੋਏ ਹਲਾਤ ਨੂੰ ਦੇਖਦਿਆਂ ਐੱਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਫ਼ੈਸਲਾ ਕੀਤਾ ਕਿ ਜਥੇਦਾਰਾਂ ਦੀਆਂ ਨਿਯੁਕਤੀਆਂ ਸਬੰਧੀ ਭਵਿੱਖ ’ਚ ਸਿੱਖ ਸੰਪਰਦਾਵਾਂ ਦੇ ਰਾਇ ਮਸ਼ਵਰੇ ਨੂੰ ਅਣਡਿੱਠ ਨਹੀਂ ਕੀਤਾ ਜਾਵੇਗਾ। ਇਸ ਤਹਿਤ ਹੁਣ ਇਹ ਮਤਾ ਲਿਆਂਦਾ ਜਾ ਰਿਹਾ ਹੈ।
ਸੂਤਰਾਂ ਮੁਤਾਬਕ ਇਸ ਮਤੇ ’ਚ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ ਤੇ ਸੇਵਾ ਮੁਕਤੀ ਸਬੰਧੀ ਨਿਯਮ ਤੈਅ ਕਰਨ ਲਈ ਇਕ ਸਬ ਕਮੇਟੀ ਦਾ ਗਠਨ ਕੀਤਾ ਜਾਵੇਗਾ। ਇਹ ਕਮੇਟੀ ਸਿੱਖ ਸੰਸਥਾਵਾਂ, ਜਥੇਬੰਦੀਆਂ, ਟਕਸਾਲਾਂ, ਨਿਹੰਗ ਸਿੰਘ ਮੁੱਖੀਆਂ, ਸਿੰਘ ਸਭਾਵਾਂ, ਸੰਪਰਦਾਵਾਂ, ਦੇਸ਼-ਵਿਦੇਸ਼ਾਂ ਦੀਆਂ ਗੁਰਦੁਆਰਾ ਕਮੇਟੀਆਂ ਦੀ ਰਾਇ ਲੈ ਕੇ ਜਥੇਦਾਰਾਂ ਦੀ ਨਿਯੁਕਤੀ ਤੇ ਸੇਵਾਮੁਕਤੀ ਸਬੰਧੀ ਨਿਯਮਾਂ ਸਬੰਧੀ ਰਿਪੋਰਟ ਤਿਆਰ ਕਰੇਗੀ। ਸ਼੍ਰੋਮਣੀ ਕਮੇਟੀ ਇਸੇ ਦੇ ਆਧਾਰ ’ਤੇ ਜਥੇਦਾਰ ਨੂੰ ਨਿਯੁਕਤ ਕਰਨ ਦੀ ਅਗਲੀ ਪ੍ਰਕਿਰਆ ਸ਼ੁਰੂ ਕਰੇਗੀ। ਇਸ ਸਾਰੀ ਪ੍ਰਕਿਰਆ ’ਚ ਵਾਧੂ ਸਮਾਂ ਲੱਗ ਸਕਦਾ ਹੈ। ਪਰ ਸਾਰੀ ਸਿੱਖ ਸੰਗਤ ਦੀ ਨਜ਼ਰ ਇਸ ਮਤੇ ’ਤੇ ਹੈ।
ਇਤਿਹਾਸਕ ਹੋਵੇਗਾ ਅੱਜ ਦਾ ਦਿਨ
ਅੱਜ ਦੇ ਇਸ ਇਜਲਾਸ ’ਚ ਗਿਆਨੀ ਰਘਬੀਰ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ, ਗਿਆਨੀ ਸੁਲਤਾਨ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਤੇ ਗਿਆਨੀ ਕੁਲਦੀਪ ਸਿੰਘ ਗੜਗੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਦੇ ਰੂਪ ’ਚ ਸ਼ਮੂਲੀਅਤ ਕਰਨਗੇ। ਇਹ ਪਹਿਲੀ ਵਾਰ ਹੋਵੇਗਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਤਾਬਿਆ ’ਚ ਇਨ੍ਹਾਂ ਦੀ ਮੌਜੂਦਗੀ ’ਚ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਅੰਤ੍ਰਿੰਗ ਕਮੇਟੀ ਦੇ ਫ਼ੈਸਲਿਆਂ ਦਾ ਵਿਰੋਧ ਹੋਵੇਗਾ।