- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੂਬੇ ’ਚੋਂ ਗੈਂਗਸਟਰਵਾਦ ਅਤੇ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਵਿੱਢੀ ਗਈ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਸੋਮਵਾਰ ਵੱਡੀ ਕਾਰਵਾਈ ਕਰਦਿਆਂ ਸੂਬੇ ਭਰ ’ਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 525 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਅਮਰਜੀਤ ਸਿੰਘ, ਪੰਜਾਬੀ ਜਾਗਰਣ, ਚੰਡੀਗੜ੍ਹ : ਸੂਬੇ ’ਚੋਂ ਗੈਂਗਸਟਰਵਾਦ ਅਤੇ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਵਿੱਢੀ ਗਈ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਸੋਮਵਾਰ ਵੱਡੀ ਕਾਰਵਾਈ ਕਰਦਿਆਂ ਸੂਬੇ ਭਰ ’ਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 525 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 307ਵੇਂ ਦਿਨ ਚਲਾਈ ਗਈ ਇਸ ਵਿਸ਼ੇਸ਼ ਮੁਹਿੰਮ ਦੌਰਾਨ ਪੁਲਿਸ ਟੀਮਾਂ ਨੇ 201 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਇਕ ਹਥਿਆਰ ਬਰਾਮਦ ਕੀਤਾ ਹੈ।
ਮੁਹਿੰਮ ਦੀ ਹੁਣ ਤੱਕ ਦੀ ਪ੍ਰਗਤੀ ਅਤੇ ਕਾਰਵਾਈ ਦੇ ਮੁੱਖ ਅੰਕੜੇ
ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ਡੀਜੀਪੀ ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਇਸ ਫ਼ੈਸਲਾਕੁੰਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਸੀ। ਸੂਬੇ ਭਰ ਦੀਆਂ ਪੁਲਿਸ ਟੀਮਾਂ ‘ਐਂਟੀ-ਗੈਂਗਸਟਰ ਟਾਸਕ ਫੋਰਸ’ (ਏਜੀਟੀਐੱਫ਼) ਦੇ ਤਾਲਮੇਲ ਨਾਲ ਲਗਾਤਾਰ ਕਾਰਵਾਈ ਕਰ ਰਹੀਆਂ ਹਨ, ਜਿਸ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਕੁੱਲ ਗਿਣਤੀ 86,259 ਤੱਕ ਪਹੁੰਚ ਗਈ ਹੈ। ਇਸ ਤੋਂ ਇਲਾਵਾ 307ਵੇਂ ਦਿਨ 238 ਵਿਅਕਤੀਆਂ ਵਿਰੁੱਧ ਰੋਕਥਾਮ ਵਾਲੀ ਕਾਰਵਾਈ ਅਮਲ ’ਚ ਲਿਆਂਦੀ ਗਈ ਅਤੇ ਸੱਤ ਭਗੌੜੇ ਅਪਰਾਧੀਆਂ ਨੂੰ ਵੀ ਕਾਬੂ ਕੀਤਾ ਗਿਆ।
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 632ਵੇਂ ਦਿਨ ਦੀ ਕਾਰਵਾਈ
ਇਸ ਦੇ ਨਾਲ ਹੀ ਪੁਲਿਸ ਟੀਮਾਂ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 632ਵੇਂ ਦਿਨ ਵੀ ਜਾਰੀ ਰੱਖਿਆ ਗਿਆ। ਅੱਜ 169 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਮਾਤਰਾ ’ਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ, ਜਿਨ੍ਹਾਂ ’ਚ 18.8 ਕਿਲੋ ਹੈਰੋਇਨ, 1.8 ਕਿਲੋ ਅਫ਼ੀਮ, 562 ਨਸ਼ੀਲੀਆਂ ਗੋਲੀਆਂ ਅਤੇ 200 ਰੁਪਏ ਦੀ ਡਰੱਗ ਮਨੀ ਸ਼ਾਮਲ ਹੈ। ਇਸ ਮੁਹਿੰਮ ਤਹਿਤ 632 ਦਿਨਾਂ ’ਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 94,746 ਹੋ ਗਈ ਹੈ।
ਇਸਦੇ ਨਾਲ ਹੀ ਮੁੜ-ਵਸੇਬਾ ਮੁਹਿੰਮ ਦੇ ਹਿੱਸੇ ਵਜੋਂ ਪੁਲਿਸ ਨੇ ਅੱਜ 38 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।
ਪੰਜਾਬ ਪੁਲਿਸ ਨੇ ਆਮ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ‘ਐਂਟੀ-ਗੈਂਗਸਟਰ ਹੈਲਪਲਾਈਨ’ ਨੰਬਰ 93946-93946 ’ਤੇ ਲੋੜੀਂਦੇ ਅਪਰਾਧੀਆਂ, ਗੈਂਗਸਟਰਾਂ ਜਾਂ ਕਿਸੇ ਵੀ ਤਰ੍ਹਾਂ ਦੀਆਂ ਅਪਰਾਧਿਕ ਗਤੀਵਿਧੀਆਂ ਬਾਰੇ ਗੁਪਤ ਰੂਪ ’ਚ ਸੂਹ ਦੇ ਸਕਦੇ ਹਨ। ਸੂਚਨਾ ਦੇਣ ਵਾਲੇ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।