- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ੁੱਕਰਵਾਰ ਨੂੰ ਭਾਜਪਾ ’ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਾਇਆ ਕਿ ਚੋਣਾਂ ਤੋਂ ਪਹਿਲਾਂ ਵਿਰੋਧੀ ਧਿਰ ਦੇ ਆਗੂਆਂ ਨੂੰ ਡਰਾਉਣ ਲਈ ਕੇਂਦਰੀ ਏਜੰਸੀਆਂ ਨੂੰ ਹਥਿਆਰ ਵਜੋਂ ਵਰਤਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਈਡੀ, ਸੀਬੀਆਈ, ਇਨਕਮ ਟੈਕਸ ਵਿਭਾਗ ਅਤੇ ਚੋਣ ਕਮਿਸ਼ਨ ਵਰਗੀਆਂ ਸੰਸਥਾਵਾਂ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ।

ਡਿਜੀਟਲ ਡੈਸਕ, ਚੰਡੀਗੜ੍ਹ। ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ੁੱਕਰਵਾਰ ਨੂੰ ਭਾਜਪਾ ’ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਾਇਆ ਕਿ ਚੋਣਾਂ ਤੋਂ ਪਹਿਲਾਂ ਵਿਰੋਧੀ ਧਿਰ ਦੇ ਆਗੂਆਂ ਨੂੰ ਡਰਾਉਣ ਲਈ ਕੇਂਦਰੀ ਏਜੰਸੀਆਂ ਨੂੰ ਹਥਿਆਰ ਵਜੋਂ ਵਰਤਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਈਡੀ, ਸੀਬੀਆਈ, ਇਨਕਮ ਟੈਕਸ ਵਿਭਾਗ ਅਤੇ ਚੋਣ ਕਮਿਸ਼ਨ ਵਰਗੀਆਂ ਸੰਸਥਾਵਾਂ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ।
ਮੋਗਾ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨਾਲ ਜੁੜੇ ਕਈ ਟਿਕਾਣਿਆਂ ’ਤੇ ਕਰੀਬ 48 ਘੰਟੇ ਤੱਕ ਚੱਲੀ ਈਡੀ ਦੀ ਛਾਪੇਮਾਰੀ ਦਾ ਜ਼ਿਕਰ ਕਰਦਿਆਂ ਚੀਮਾ ਨੇ ਕਿਹਾ ਕਿ ਏਜੰਸੀ ਖਾਲੀ ਹੱਥ ਪਰਤੀ ਹੈ ਅਤੇ ਇੱਕ ਪੈਸਾ ਵੀ ਬਰਾਮਦ ਨਹੀਂ ਕਰ ਸਕੀ। ਇਸ ਨਾਲ ਇੱਕ ਵਾਰ ਫਿਰ ਆਪ ਆਗੂਆਂ ਦੀ ‘ਕੱਟੜ ਇਮਾਨਦਾਰ’ ਹੋਣ ਦੀ ਗੱਲ ਸਾਬਤ ਹੋਈ ਹੈ।
ਆਪ ਦੇ ਸੀਨੀਅਰ ਆਗੂ ਨੇ ਅੱਗੇ ਕਿਹਾ ਕਿ ਭਾਜਪਾ ਆਪ ਵਿਧਾਇਕਾਂ ਨੂੰ ਮੰਤਰੀ ਦੇ ਅਹੁਦੇ ਅਤੇ ਰਾਜ ਸਭਾ ਦੀ ਮੈਂਬਰਸ਼ਿਪ ਦਾ ਲਾਲਚ ਦੇ ਕੇ ਤੋੜਨ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਪੰਜਾਬ ਦੇ ਆਗੂਆਂ ਨੇ ਅਜਿਹੇ ਲਾਲਚਾਂ ਅੱਗੇ ਝੁਕਣ ਤੋਂ ਇਨਕਾਰ ਕਰ ਦਿੱਤਾ ਹੈ।
ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪ੍ਰਤੀ ਆਪਣੀ ਪੱਕੀ ਵਫ਼ਾਦਾਰੀ ਦੁਹਰਾਉਂਦਿਆਂ ਡਾ. ਅਮਨਦੀਪ ਕੌਰ ਅਰੋੜਾ ਨੇ ਐਲਾਨ ਕੀਤਾ ਕਿ ਕੋਈ ਵੀ ਛਾਪੇਮਾਰੀ, ਧਮਕੀ ਜਾਂ ਸਿਆਸੀ ਦਬਾਅ ਉਨ੍ਹਾਂ ਨੂੰ ਜਾਂ ਆਪ ਦੀਆਂ ਮਹਿਲਾ ਆਗੂਆਂ ਨੂੰ ਚੁੱਪ ਨਹੀਂ ਕਰਵਾ ਸਕਦਾ। ਉਹ ਪੰਜਾਬ ਅਤੇ ਇੱਥੋਂ ਦੇ ਲੋਕਾਂ ਲਈ ਆਪਣੀ ਲੜਾਈ ਜਾਰੀ ਰੱਖਣਗੀਆਂ।
ਆਪ ਪੰਜਾਬ ਮਹਿਲਾ ਵਿੰਗ ਦੀ ਪ੍ਰਧਾਨ ਅਤੇ ਮੋਗਾ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨਾਲ ਪ੍ਰੈੱਸ ਕਾਨਫਰੰਸ ਦੌਰਾਨ ਹਰਪਾਲ ਸਿੰਘ ਚੀਮਾ ਨੇ ਕਿਹਾ, “ਜਦੋਂ ਵੀ ਕਿਸੇ ਸੂਬੇ ਵਿੱਚ ਚੋਣਾਂ ਨੇੜੇ ਆਉਂਦੀਆਂ ਹਨ ਤਾਂ ਭਾਜਪਾ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਦੀ ਹੈ। ਈਡੀ, ਸੀਬੀਆਈ, ਇਨਕਮ ਟੈਕਸ ਵਿਭਾਗ ਅਤੇ ਇੱਥੋਂ ਤੱਕ ਕਿ ਚੋਣ ਕਮਿਸ਼ਨ ਦੀ ਵਰਤੋਂ ਵੀ ਮੀਡੀਆ ਵਿੱਚ ਖ਼ਬਰਾਂ ਬਣਾਉਣ, ਵਿਰੋਧੀ ਆਗੂਆਂ ਨੂੰ ਡਰਾਉਣ, ਫਸਾਉਣ ਅਤੇ ਸਿਆਸੀ ਪਾਰਟੀਆਂ ਨੂੰ ਬਦਨਾਮ ਕਰਨ ਲਈ ਕੀਤੀ ਜਾ ਰਹੀ ਹੈ। ਇਸ ਦਾ ਮਕਸਦ ਲੋਕਤੰਤਰੀ ਢੰਗ ਨਾਲ ਚੁਣੀਆਂ ਗਈਆਂ ਸਰਕਾਰਾਂ ਨੂੰ ਕਮਜ਼ੋਰ ਕਰਨਾ ਅਤੇ ਲੋਕਤੰਤਰੀ ਪ੍ਰਕਿਰਿਆ ਨੂੰ ਢਾਹ ਲਾਉਣਾ ਹੈ।”
ਪਿਛਲੇ ਪੰਜ ਸਾਲਾਂ ਦੌਰਾਨ ਵਿਧਾਇਕ ਵਜੋਂ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਕੀਤੇ ਗਏ ਸਮਰਪਿਤ ਕੰਮਾਂ ਦੀ ਸ਼ਲਾਘਾ ਕਰਦਿਆਂ ਆਪ ਦੇ ਸੀਨੀਅਰ ਆਗੂ ਨੇ ਕਿਹਾ, “ਡਾ. ਅਮਨਦੀਪ ਕੌਰ ਅਰੋੜਾ ਨੇ ਲਗਾਤਾਰ ਔਰਤਾਂ, ਵਿਦਿਆਰਥੀਆਂ, ਸਿਹਤ ਸੇਵਾਵਾਂ ਅਤੇ ਪੰਜਾਬ ਦੇ ਲੋਕਾਂ ਦੀ ਭਲਾਈ ਨਾਲ ਜੁੜੇ ਮੁੱਦੇ ਉਠਾਏ ਹਨ ਅਤੇ ਉਨ੍ਹਾਂ ਦਾ ਹੱਲ ਕੀਤਾ ਹੈ। ਉਨ੍ਹਾਂ ਦੀਆਂ ਸਮਾਜ ਸੇਵਾ ਦੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕਰਨ ਦੀ ਬਜਾਏ ਭਾਜਪਾ ਕੇਂਦਰੀ ਏਜੰਸੀਆਂ ਰਾਹੀਂ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਲਗਾਤਾਰ ਪਰੇਸ਼ਾਨ ਕਰ ਰਹੀ ਹੈ।”
ਉਨ੍ਹਾਂ ਅੱਗੇ ਕਿਹਾ, “ਈਡੀ ਨੇ ਲਗਭਗ 48 ਘੰਟੇ ਤੱਕ ਛਾਪੇਮਾਰੀ ਕੀਤੀ, ਪਰ ਇੱਕ ਵੀ ਇਤਰਾਜ਼ਯੋਗ ਦਸਤਾਵੇਜ਼ ਜਾਂ ਇੱਕ ਪੈਸਾ ਵੀ ਬਰਾਮਦ ਨਹੀਂ ਕਰ ਸਕੀ। ਇਸ ਤੋਂ ਇਸ ਪੂਰੀ ਕਾਰਵਾਈ ਦਾ ਸਿਆਸੀ ਮਕਸਦ ਸਪੱਸ਼ਟ ਹੁੰਦਾ ਹੈ। ਇੱਕ ਚੁਣੇ ਹੋਏ ਨੁਮਾਇੰਦੇ ਅਤੇ ਉਸ ਦੇ ਪਰਿਵਾਰ ਦੀ ਇੰਨੀ ਲੰਬੀ ਤਲਾਸ਼ੀ, ਪੁੱਛਗਿੱਛ ਅਤੇ ਦਬਾਅ ਮਾਨਸਿਕ ਤੌਰ ’ਤੇ ਤੰਗ ਕਰਨ ਅਤੇ ਬੁਨਿਆਦੀ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰਨ ਦੇ ਬਰਾਬਰ ਹੈ।”
ਹਰਪਾਲ ਸਿੰਘ ਚੀਮਾ ਨੇ ਅੱਗੇ ਕਿਹਾ, “ਭਾਜਪਾ ਆਪ ਆਗੂਆਂ ਨੂੰ ਇਸ ਲਈ ਨਿਸ਼ਾਨਾ ਬਣਾ ਰਹੀ ਹੈ ਕਿਉਂਕਿ ਉਹ ਪੰਜਾਬ, ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਚੱਟਾਨ ਵਾਂਗ ਖੜ੍ਹੇ ਹਨ। ਭਾਜਪਾ ਆਪ ਵਿਧਾਇਕਾਂ ਨੂੰ ਮੰਤਰੀ ਦੇ ਅਹੁਦੇ, ਰਾਜ ਸਭਾ ਦੀ ਮੈਂਬਰਸ਼ਿਪ ਅਤੇ ਹੋਰ ਤਾਕਤਵਰ ਅਹੁਦਿਆਂ ਦੀ ਪੇਸ਼ਕਸ਼ ਕਰਕੇ ਤੋੜਨ ਦੀ ਕੋਸ਼ਿਸ਼ ਕਰ ਰਹੀ ਹੈ। ਪਰ ਸਾਡੇ ਆਗੂ ਲੋਕਾਂ ਦੀ ਸੇਵਾ ਕਰਨ ਲਈ ਵਚਨਬੱਧ ਹਨ ਅਤੇ ਉਨ੍ਹਾਂ ਨੂੰ ਅਹੁਦਿਆਂ ਜਾਂ ਲਾਲਚ ਨਾਲ ਖਰੀਦਿਆ ਨਹੀਂ ਜਾ ਸਕਦਾ।”
ਭਾਜਪਾ ਦੀ ਡਰਾਉਣ-ਧਮਕਾਉਣ ਅਤੇ ਵੰਡ ਪਾਉਣ ਵਾਲੀ ਸਿਆਸਤ ਦੀ ਨਿੰਦਾ ਕਰਦਿਆਂ ਆਪ ਦੇ ਸੀਨੀਅਰ ਆਗੂ ਨੇ ਕਿਹਾ ਕਿ ਪੰਜਾਬ ਦੇ ਲੋਕ ਲੋਕਤੰਤਰ ਨੂੰ ਕਮਜ਼ੋਰ ਕਰਨ, ਵਿਰੋਧੀ ਪਾਰਟੀਆਂ ਨੂੰ ਅਸਥਿਰ ਕਰਨ ਅਤੇ ਲੋਕਾਂ ਦੇ ਫ਼ਤਵੇ ਨੂੰ ਕਮਜ਼ੋਰ ਕਰਨ ਦੀ ਹਰ ਕੋਸ਼ਿਸ਼ ਦਾ ਮੂੰਹਤੋੜ ਜਵਾਬ ਦੇਣਗੇ।
ਇਸ ਦੌਰਾਨ ਆਪ ਪੰਜਾਬ ਮਹਿਲਾ ਵਿੰਗ ਦੀ ਪ੍ਰਧਾਨ ਅਤੇ ਮੋਗਾ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ, “ਈਡੀ ਨੇ ਮੇਰੇ ਅਤੇ ਮੇਰੇ ਪਰਿਵਾਰ ਨਾਲ ਜੁੜੀਆਂ ਕਈ ਥਾਵਾਂ ’ਤੇ ਛਾਪੇਮਾਰੀ ਕੀਤੀ। ਮੇਰੇ ਘਰ, ਦਫ਼ਤਰ, ਹਸਪਤਾਲ ਅਤੇ ਮੇਰੇ ਮਾਤਾ-ਪਿਤਾ, ਭਰਾ ਤੇ ਰਿਸ਼ਤੇਦਾਰਾਂ ਦੇ ਘਰਾਂ ਦੀ ਤਲਾਸ਼ੀ ਲਈ ਗਈ। ਅਧਿਕਾਰੀਆਂ ਨੇ ਕਰੀਬ 42 ਤੋਂ 48 ਘੰਟਿਆਂ ਤੱਕ ਤਲਾਸ਼ੀ ਅਤੇ ਪੁੱਛਗਿੱਛ ਜਾਰੀ ਰੱਖੀ, ਪਰ ਅਖੀਰ ਵਿੱਚ ਇੱਕ ਵੀ ਦਸਤਾਵੇਜ਼ ਜਾਂ ਪੈਸਾ ਬਰਾਮਦ ਕੀਤੇ ਬਿਨਾਂ ਵਾਪਸ ਪਰਤ ਗਏ।”
ਆਪ ਪੰਜਾਬ ਮਹਿਲਾ ਵਿੰਗ ਦੀ ਪ੍ਰਧਾਨ ਨੇ ਕਿਹਾ, “ਖ਼ਾਸ ਕਰਕੇ ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆਉਣ ’ਤੇ ਭਾਜਪਾ ਵਿਰੋਧੀ ਆਗੂਆਂ ਨੂੰ ਡਰਾਉਣ ਅਤੇ ਉਨ੍ਹਾਂ ਨੂੰ ਆਪਣੀ ਪਾਰਟੀ ਵਿੱਚ ਸ਼ਾਮਲ ਕਰਨ ਲਈ ਕੇਂਦਰੀ ਏਜੰਸੀਆਂ ਦੀ ਵਰਤੋਂ ਕਰ ਰਹੀ ਹੈ। ਮਹਿਲਾ ਸਸ਼ਕਤੀਕਰਨ ਅਤੇ ਸੁਰੱਖਿਆ ਦੇ ਵੱਡੇ-ਵੱਡੇ ਦਾਅਵੇ ਕਰਨ ਦੇ ਬਾਵਜੂਦ ਭਾਜਪਾ ਉਨ੍ਹਾਂ ਮਹਿਲਾ ਆਗੂਆਂ ਨੂੰ ਨਿਸ਼ਾਨਾ ਬਣਾ ਰਹੀ ਹੈ, ਜੋ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰ ਰਹੀਆਂ ਹਨ ਅਤੇ ਲੋਕਾਂ ਦੇ ਮੁੱਦੇ ਉਠਾ ਰਹੀਆਂ ਹਨ।”
ਪੁੱਛਗਿੱਛ ਬਾਰੇ ਜਾਣਕਾਰੀ ਦਿੰਦਿਆਂ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਅਧਿਕਾਰੀਆਂ ਨੇ ਉਨ੍ਹਾਂ ਤੋਂ ਬੱਚਿਆਂ ਦੀਆਂ ਮਾਰਕਸ਼ੀਟਾਂ, ਪਰਿਵਾਰ ਦੀ ਜਾਇਦਾਦ ਦੇ ਕਾਗਜ਼ਾਤ, ਹਸਪਤਾਲ ਦੇ ਰਿਕਾਰਡ, ਲੋਕਾਂ ਦੀਆਂ ਸ਼ਿਕਾਇਤਾਂ ਅਤੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨਾਲ ਜੁੜੀ ਜਾਣਕਾਰੀ ਬਾਰੇ ਸਵਾਲ ਪੁੱਛੇ। ਉਨ੍ਹਾਂ ਕਿਹਾ ਕਿ ਲੰਬੀ ਤਲਾਸ਼ੀ ਅਤੇ ਪੁੱਛਗਿੱਛ ਜਾਣਬੁੱਝ ਕੇ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਮਾਨਸਿਕ ਤੌਰ ’ਤੇ ਪਰੇਸ਼ਾਨ ਕਰਨ ਲਈ ਲੰਬੀ ਖਿੱਚੀ ਗਈ।
ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ, “ਮੈਨੂੰ ਮੰਤਰੀ ਦੇ ਅਹੁਦੇ ਸਮੇਤ ਕਈ ਅਹੁਦਿਆਂ ਦੀ ਪੇਸ਼ਕਸ਼ ਵੀ ਕੀਤੀ ਗਈ, ਪਰ ਮੈਂ ਇਨ੍ਹਾਂ ਲਾਲਚਾਂ ਨੂੰ ਠੁਕਰਾ ਦਿੱਤਾ। ਮੈਂ ਪੰਜਾਬ ਅਤੇ ਦੇਸ਼ ਲਈ ਕੰਮ ਕਰਨ ਵਾਸਤੇ ਰਾਜਨੀਤੀ ਵਿੱਚ ਆਈ ਹਾਂ, ਨਾ ਕਿ ਅਹੁਦੇ, ਚੋਣ ਟਿਕਟ ਜਾਂ ਆਪਣੀਆਂ ਖ਼ਾਹਿਸ਼ਾਂ ਪੂਰੀਆਂ ਕਰਨ ਲਈ। ਮੇਰੀ ਵਚਨਬੱਧਤਾ ਉਨ੍ਹਾਂ ਲੋਕਾਂ ਪ੍ਰਤੀ ਹੈ, ਜਿਨ੍ਹਾਂ ਨੇ ਮੇਰੇ ’ਤੇ ਭਰੋਸਾ ਕੀਤਾ ਹੈ।”
ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪ੍ਰਤੀ ਆਪਣੀ ਵਫ਼ਾਦਾਰੀ ਦੁਹਰਾਉਂਦਿਆਂ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ, “ਜਦੋਂ ਤੱਕ ਮੈਂ ਜ਼ਿੰਦਾ ਹਾਂ, ਮੈਂ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਖੜ੍ਹੀ ਰਹਾਂਗੀ। ਕੋਈ ਵੀ ਦਬਾਅ, ਧਮਕੀ ਜਾਂ ਲਾਲਚ ਮੈਨੂੰ ਆਪਣੇ ਸਿਧਾਂਤਾਂ ਨਾਲ ਸਮਝੌਤਾ ਕਰਨ ਜਾਂ ਪੰਜਾਬ ਦੇ ਲੋਕਾਂ ਨਾਲ ਧੋਖਾ ਕਰਨ ਲਈ ਮਜਬੂਰ ਨਹੀਂ ਕਰ ਸਕਦਾ।”
ਔਰਤਾਂ ਦੇ ਸਿਆਸੀ ਸਸ਼ਕਤੀਕਰਨ ਪ੍ਰਤੀ ਆਪ ਦੀ ਵਚਨਬੱਧਤਾ ’ਤੇ ਜ਼ੋਰ ਦਿੰਦਿਆਂ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ, “ਅੱਜ ਪੰਜਾਬ ਵਿਧਾਨ ਸਭਾ ਵਿੱਚ ਆਪ ਦੀਆਂ 11 ਮਹਿਲਾ ਵਿਧਾਇਕ ਹਨ, ਜੋ ਸੂਬੇ ਦੀ ਵਿਧਾਨ ਸਭਾ ਦੇ ਇਤਿਹਾਸ ਵਿੱਚ ਮਹਿਲਾ ਵਿਧਾਇਕਾਂ ਦੀ ਸਭ ਤੋਂ ਵੱਧ ਨੁਮਾਇੰਦਗੀ ਹੈ। ਸਾਡੀ ਪਾਰਟੀ ਨੇ ਆਮ ਔਰਤਾਂ ਅਤੇ ਮਰਦਾਂ ਲਈ ਰਾਜਨੀਤੀ ਦੇ ਦਰਵਾਜ਼ੇ ਖੋਲ੍ਹੇ ਹਨ, ਜਿਸ ਨਾਲ ਉਨ੍ਹਾਂ ਨੂੰ ਲੋਕਾਂ ਦੀ ਸੇਵਾ ਕਰਨ ਅਤੇ ਬਦਲਾਅ ਲਿਆਉਣ ਦਾ ਮੌਕਾ ਮਿਲਿਆ ਹੈ।”
ਆਪ ਆਗੂਆਂ ਨੂੰ ਡਰਾਉਣ-ਧਮਕਾਉਣ ਦੀਆਂ ਭਾਜਪਾ ਦੀਆਂ ਕੋਸ਼ਿਸ਼ਾਂ ਨੂੰ ਚੁਣੌਤੀ ਦਿੰਦਿਆਂ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ, “ਕੋਈ ਵੀ ਧਮਕੀ, ਦਬਾਅ ਜਾਂ ਪਰੇਸ਼ਾਨੀ ਮੇਰੇ ਜਾਂ ਆਪ ਦੀਆਂ ਮਹਿਲਾ ਆਗੂਆਂ ਦੇ ਹੌਸਲੇ ਨੂੰ ਕਮਜ਼ੋਰ ਨਹੀਂ ਕਰ ਸਕਦੀ। ਅਸੀਂ ਇੱਥੇ ਲੋਕਾਂ ਦੀ ਸੇਵਾ ਕਰਨ ਲਈ ਹਾਂ ਅਤੇ ਡਰ ਦੇ ਮਾਰੇ ਆਪਣੀਆਂ ਜ਼ਿੰਮੇਵਾਰੀਆਂ ਤੋਂ ਪਿੱਛੇ ਨਹੀਂ ਹਟਾਂਗੇ।”
ਪੰਜਾਬ ਪ੍ਰਤੀ ਪਾਰਟੀ ਦੀ ਵਚਨਬੱਧਤਾ ਦੁਹਰਾਉਂਦਿਆਂ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਆਪ ਸੂਬੇ ਵਿੱਚ ਬਿਹਤਰ ਸਿੱਖਿਆ, ਸਿਹਤ ਸੇਵਾਵਾਂ, ਲੋਕਾਂ ਦੀ ਭਲਾਈ ਅਤੇ ਹਰ ਖੇਤਰ ਵਿੱਚ ਵਿਕਾਸ ਲਈ ਕੰਮ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਨਾ ਤਾਂ ਛਾਪੇਮਾਰੀ, ਨਾ ਧਮਕੀਆਂ ਅਤੇ ਨਾ ਹੀ ਸਿਆਸੀ ਲਾਲਚ ਪੰਜਾਬ ਦੇ ਲੋਕਾਂ ਪ੍ਰਤੀ ਪਾਰਟੀ ਦੀ ਵਚਨਬੱਧਤਾ ਨੂੰ ਡਗਮਗਾ ਸਕਦੇ ਹਨ।