- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਹੋਣ ਤੋਂ ਬਾਅਦ ਦੋ ਵਿਧਾਇਕਾਂ ਚੇਤਨ ਸਿੰਘ ਜੌੜਾਮਾਜਰਾ ਅਤੇ ਹਰਮੀਤ ਸਿੰਘ ਪਠਾਣਮਾਜਰਾ ਵੱਲੋਂ ਪਾਰਟੀ ਛੱਡਣ ਦੇ ਅਗਲੇ ਹੀ ਦਿਨ ਅੰਮ੍ਰਿਤਸਰ ਨੌਰਥ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਵੀ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਸੀ। ਤਿੰਨੇ ਵਿਧਾਇਕ ਜੌੜਾਮਾਜਰਾ ਤੇ ਪਠਾਣਮਾਜਰਾ ਤੇ ਕੁੰਵਰ ਵਿਜੇ ਪ੍ਰਤਾਪ ਸਿੰਘ ਸੋਮਵਾਰ ਨੂੰ ਦਿੱਲੀ ਵਿੱਚ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।

#WATCH | Delhi: Rebel AAP leaders Kunwar Vijay Pratap, Harmeet Singh Pathanmajra, and Chetan Singh Jouramajra join the BJP. https://t.co/10SrU5hMbg
— ANI (@ANI) November 2, 2026
ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਪਹਿਲੀ ਨਵੰਬਰ 2026 ਨੂੰ ਅੰਮ੍ਰਿਤਸਰ ਤੋਂ ਆਪਣਾ ਅਸਤੀਫ਼ਾ ਜਾਰੀ ਕੀਤਾ। ਉਨ੍ਹਾਂ ਨੇ ਪੱਤਰ ਵਿੱਚ ਸਪੱਸ਼ਟ ਲਿਖਿਆ ਹੈ ਕਿ ਉਹ ਪਹਿਲੀ ਨਵੰਬਰ ਤੋਂ ਸਦਨ ਦੀ ਮੈਂਬਰਸ਼ਿਪ ਛੱਡ ਰਹੇ ਹਨ। ਇਹ ਪੱਤਰ ਈ-ਮੇਲ, ਵਟਸਐਪ ਅਤੇ ਡਾਕ ਰਾਹੀਂ ਸਪੀਕਰ ਨੂੰ ਭੇਜਿਆ ਗਿਆ ਹੈ। ਅਸਤੀਫ਼ੇ ਵਿੱਚ ਉਨ੍ਹਾਂ ਨੇ ਕੋਈ ਸਿਆਸੀ ਜਾਂ ਨਿੱਜੀ ਕਾਰਨ ਨਹੀਂ ਦੱਸਿਆ। ਹਾਲਾਂਕਿ ਸੋਮਵਾਰ ਨੂੰ ਉਨ੍ਹਾਂ ਨੇ ਸੋਸ਼ਲ ਮੀਡੀਆ ’ਤੇ ਅੰਮ੍ਰਿਤਸਰ ਦੇ ਲੋਕਾਂ ਦੇ ਨਾਂ ਸੰਦੇਸ਼ ਜਾਰੀ ਕਰਕੇ ਆਪਣੇ ਫ਼ੈਸਲੇ ਦੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ ਅਤੇ ਲੋਕਾਂ ਵੱਲੋਂ ਮਿਲੇ ਪਿਆਰ ਤੇ ਸਨਮਾਨ ਲਈ ਉਹ ਹਮੇਸ਼ਾ ਰਿਣੀ ਰਹਿਣਗੇ।
ਕੁੰਵਰ ਵਿਜੇ ਪ੍ਰਤਾਪ ਨੇ ਆਪਣੇ ਸੰਦੇਸ਼ ਵਿੱਚ ਪੰਜਾਬ ਵਿੱਚ ਨਸ਼ੇ, ਫਿਰੌਤੀ, ਗੈਂਗਸਟਰਵਾਦ ਅਤੇ ਭ੍ਰਿਸ਼ਟਾਚਾਰ ਨੂੰ ਵੱਡੀਆਂ ਚੁਣੌਤੀਆਂ ਦੱਸਦਿਆਂ ਸੂਬੇ ਨੂੰ ਇਨ੍ਹਾਂ ਤੋਂ ਬਾਹਰ ਕੱਢਣ ਲਈ ਸਮੂਹਿਕ ਯਤਨਾਂ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਦਾਅਵਾ ਕੀਤਾ ਕਿ ਵਿਧਾਇਕ ਵਜੋਂ ਉਨ੍ਹਾਂ ਨੇ ਆਪਣੇ 90 ਫ਼ੀਸਦੀ ਟੀਚੇ ਪੂਰੇ ਕਰ ਲਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਦੀ ਸਭ ਤੋਂ ਵੱਡੀ ਪ੍ਰਾਪਤੀ ਸਿਆਸਤ ਵਿੱਚੋਂ ਮਾਈ-ਬਾਪ ਸੱਭਿਆਚਾਰ ਨੂੰ ਖ਼ਤਮ ਕਰਨਾ ਅਤੇ ਲੋਕਾਂ ਨੂੰ ਆਪਣਾ ਪ੍ਰੇਰਨਾ ਸਰੋਤ ਮੰਨ ਕੇ ਕੰਮ ਕਰਨਾ ਰਹੀ ਹੈ। ਵਿਧਾਨ ਸਭਾ ਵਿੱਚ ਉਨ੍ਹਾਂ ਨੇ ਅੰਮ੍ਰਿਤਸਰ ਦੇ ਪਾਣੀ, ਸੀਵਰੇਜ, ਕੰਪਨੀ ਬਾਗ਼, ਸਰਕਟ ਹਾਊਸ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਸਰਕਾਰੀ ਮੈਡੀਕਲ ਕਾਲਜ ਅਤੇ ਬਰਗਾੜੀ ਬੇਅਦਬੀ ਵਰਗੇ ਮੁੱਦੇ ਉਠਾਏ।
ਜ਼ਿਕਰਯੋਗ ਹੈ ਕਿ ਕੁੰਵਰ ਵਿਜੇ ਪ੍ਰਤਾਪ ਸਾਬਕਾ ਆਈਪੀਐੱਸ ਅਧਿਕਾਰੀ ਹਨ ਅਤੇ 1998 ਬੈਚ ਦੇ ਪੰਜਾਬ ਕੈਡਰ ਨਾਲ ਸਬੰਧਤ ਹਨ। ਉਨ੍ਹਾਂ ਨੂੰ ਜੂਨ 2025 ਵਿੱਚ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ਾਂ ਤਹਿਤ ਆਪ ਨੇ ਮੁਅੱਤਲ ਕਰ ਦਿੱਤਾ ਸੀ। ਅਜਿਹੇ ਵਿੱਚ ਉਨ੍ਹਾਂ ਦਾ ਇਹ ਫ਼ੈਸਲਾ ਪਾਰਟੀ ਛੱਡਣ ਦੀ ਬਜਾਏ ਸਿੱਧੇ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਹੈ। ਹੁਣ ਸਪੀਕਰ ਵੱਲੋਂ ਉਨ੍ਹਾਂ ਦੇ ਅਸਤੀਫ਼ੇ ’ਤੇ ਕੀਤੀ ਜਾਣ ਵਾਲੀ ਕਾਰਵਾਈ ਅਹਿਮ ਹੋਵੇਗੀ।