PCS ਪ੍ਰੀਖਿਆ ਮਾਮਲਾ: ਯੂਥ ਕਾਂਗਰਸ ਆਗੂ ਸ਼ੁਭਮ ਸ਼ਰਮਾ ਦੀ ਗ੍ਰਿਫ਼ਤਾਰੀ ਖ਼ਿਲਾਫ਼ ਚੰਡੀਗੜ੍ਹ 'ਚ ਪ੍ਰਦਰਸ਼ਨ, ਭਗਵੰਤ ਮਾਨ ਤੋਂ ਮੰਗਿਆ ਅਸਤੀਫ਼ਾ
ਇੰਡੀਅਨ ਯੂਥ ਕਾਂਗਰਸ ਦੇ ਕੌਮੀ ਪ੍ਰਧਾਨ ਉਦੈ ਭਾਨੂ ਚਿਬ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਭਵਨ, ਸੈਕਟਰ-15 'ਚ ਪ੍ਰੈੱਸ ਕਾਨਫਰੰਸ ਤੋਂ ਬਾਅਦ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਇਸ 'ਚ ਪੰਜਾਬ ਯੂਥ ਕਾਂਗਰਸ ਦੇ ਅਹੁਦੇਦਾਰਾਂ, ਵੱਖ-ਵੱਖ ਜ਼ਿਲ੍ਹਿਆਂ ਦੇ ਪ੍ਰਧਾਨਾਂ, ਆਗੂਆਂ ਅਤੇ ਵਰਕਰਾਂ ਨੇ ਹਿੱਸਾ ਲਿਆ। ਪ੍ਰਦਰਸ਼ਨ ਦੌਰਾਨ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।
Publish Date: Mon, 23 Nov 2026 02:52 PM (IST)
Updated Date: Mon, 23 Nov 2026 03:31 PM (IST)
ਡਾ. ਸੁਮਿਤ ਸਿੰਘ ਸ਼ਿਓਰਾਣ, ਚੰਡੀਗੜ੍ਹ : ਪੰਜਾਬ ਲੋਕ ਸੇਵਾ ਕਮਿਸ਼ਨ (PPSC) ਦੀ ਪ੍ਰੀਖਿਆ ਨਾਲ ਜੁੜੇ ਮਾਮਲੇ 'ਚ ਯੂਥ ਕਾਂਗਰਸ ਦੇ ਸੂਬਾ ਪ੍ਰਧਾਨ ਸ਼ੁਭਮ ਸ਼ਰਮਾ ਅਤੇ ਉਨ੍ਹਾਂ ਦੇ ਸਾਥੀਆਂ ਦੀ ਗ੍ਰਿਫ਼ਤਾਰੀ ਦੇ ਵਿਰੋਧ 'ਚ ਪੰਜਾਬ ਕਾਂਗਰਸ ਨੇ ਸੋਮਵਾਰ ਨੂੰ ਚੰਡੀਗੜ੍ਹ 'ਚ ਪ੍ਰਦਰਸ਼ਨ ਕੀਤਾ। ਪੰਜਾਬ ਯੂਥ ਕਾਂਗਰਸ ਨੇ ਪ੍ਰੀਖਿਆ ਮਾਮਲੇ, ਨੌਜਵਾਨਾਂ ਦੇ ਭਵਿੱਖ, ਨਸ਼ਿਆਂ ਅਤੇ ਸੂਬਾ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਉਨ੍ਹਾਂ ਦੇ ਅਸਤੀਫ਼ੇ ਦੀ ਮੰਗ ਕੀਤੀ।
ਇੰਡੀਅਨ ਯੂਥ ਕਾਂਗਰਸ ਦੇ ਕੌਮੀ ਪ੍ਰਧਾਨ ਉਦੈ ਭਾਨੂ ਚਿਬ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਭਵਨ, ਸੈਕਟਰ-15 'ਚ ਪ੍ਰੈੱਸ ਕਾਨਫਰੰਸ ਤੋਂ ਬਾਅਦ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਇਸ 'ਚ ਪੰਜਾਬ ਯੂਥ ਕਾਂਗਰਸ ਦੇ ਅਹੁਦੇਦਾਰਾਂ, ਵੱਖ-ਵੱਖ ਜ਼ਿਲ੍ਹਿਆਂ ਦੇ ਪ੍ਰਧਾਨਾਂ, ਆਗੂਆਂ ਅਤੇ ਵਰਕਰਾਂ ਨੇ ਹਿੱਸਾ ਲਿਆ। ਪ੍ਰਦਰਸ਼ਨ ਦੌਰਾਨ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਦੇ ਨਾਲ ਹੀ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਰੋਸ ਮਾਰਚ ਕੱਢਣ ਦਾ ਐਲਾਨ ਵੀ ਕੀਤਾ ਗਿਆ।
ਉਦੈ ਭਾਨੂ ਚਿਬ ਨੇ ਕਿਹਾ ਕਿ PPSC ਪ੍ਰੀਖਿਆ ਮਾਮਲੇ 'ਚ ਨੌਜਵਾਨਾਂ ਦੀ ਆਵਾਜ਼ ਉਠਾਉਣ ਵਾਲੇ ਯੂਥ ਕਾਂਗਰਸ ਦੇ ਸੂਬਾ ਪ੍ਰਧਾਨ ਸ਼ੁਭਮ ਸ਼ਰਮਾ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਗ੍ਰਿਫ਼ਤਾਰ ਕਰ ਕੇ ਜੇਲ੍ਹ 'ਚ ਡੱਕਣਾ ਲੋਕਤੰਤਰੀ ਅਧਿਕਾਰਾਂ ਦੀ ਉਲੰਘਣਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਭਗਵੰਤ ਮਾਨ ਸਰਕਾਰ ਨੌਜਵਾਨਾਂ ਦੀ ਆਵਾਜ਼ ਦਬਾਉਣ ਲਈ ਪੁਲਿਸ ਦੀ ਵਰਤੋਂ ਕਰ ਰਹੀ ਹੈ। ਪੰਜਾਬ 'ਚ ਤਾਨਾਸ਼ਾਹੀ ਵਾਲਾ ਮਾਹੌਲ ਬਣਾਇਆ ਜਾ ਰਿਹਾ ਹੈ ਅਤੇ ਗ੍ਰਿਫ਼ਤਾਰੀਆਂ ਰਾਹੀਂ ਨੌਜਵਾਨਾਂ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਚਿਬ ਨੇ ਇਸ ਮਾਮਲੇ ਦੀ ਸੀਬੀਆਈ ਜਾਂਚ ਕਰਵਾਉਣ ਦੀ ਮੰਗ ਕਰਦਿਆਂ ਕਿਹਾ ਕਿ PPSC ਪ੍ਰੀਖਿਆ ਨਾਲ ਜੁੜੇ ਵਿਵਾਦ ਦੀ ਸੱਚਾਈ ਸਾਹਮਣੇ ਆਉਣੀ ਚਾਹੀਦੀ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਅਸਤੀਫ਼ੇ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜਦੋਂ ਦਿੱਲੀ ਦੇ ਜੰਤਰ-ਮੰਤਰ 'ਤੇ ਪ੍ਰਦਰਸ਼ਨ ਤੋਂ ਬਾਅਦ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਉੱਠ ਸਕਦੀ ਹੈ ਤਾਂ ਪੰਜਾਬ ਦੇ ਮੁੱਖ ਮੰਤਰੀ ਜਵਾਬਦੇਹੀ ਤੋਂ ਕਿਉਂ ਬਚ ਰਹੇ ਹਨ?
ਉਨ੍ਹਾਂ ਕਿਹਾ ਕਿ ਸ਼ੁਭਮ ਸ਼ਰਮਾ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਲਈ ਜੇਲ੍ਹ ਗਏ ਹਨ ਅਤੇ ਕਾਂਗਰਸ ਨੌਜਵਾਨਾਂ, ਆਮ ਲੋਕਾਂ ਦੇ ਅਧਿਕਾਰਾਂ ਤੇ ਹਿੱਤਾਂ ਲਈ ਲਗਾਤਾਰ ਸੜਕਾਂ 'ਤੇ ਸੰਘਰਸ਼ ਕਰਦੀ ਰਹੇਗੀ। ਪ੍ਰਦਰਸ਼ਨ 'ਚ ਯੂਥ ਆਗੂ ਜੋਲੀ ਜਲਾਲਪੁਰ ਸਮੇਤ ਕਈ ਜ਼ਿਲ੍ਹਾ ਅਹੁਦੇਦਾਰ ਵੀ ਮੌਜੂਦ ਰਹੇ।
ਪੰਜਾਬ ਯੂਥ ਕਾਂਗਰਸ ਦੇ ਪ੍ਰਦਰਸ਼ਨ ਨੂੰ ਦੇਖਦਿਆਂ ਪੰਜਾਬ ਕਾਂਗਰਸ ਭਵਨ ਅਤੇ ਆਸ-ਪਾਸ ਵੱਡੀ ਗਿਣਤੀ 'ਚ ਪੁਲਿਸ ਬਲ ਤਾਇਨਾਤ ਕੀਤਾ ਗਿਆ ਸੀ। ਪੁਲਿਸ ਨੇ ਯੂਥ ਕਾਂਗਰਸ ਦੇ ਆਗੂਆਂ ਨੂੰ ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਜਾਣ ਤੋਂ ਵੀ ਰੋਕ ਦਿੱਤਾ। ਪੁਲਿਸ ਵੱਲੋਂ ਵਾਟਰ ਕੈਨਨ ਅਤੇ ਬੈਰੀਕੇਡ ਵੀ ਲਗਾਏ ਗਏ ਸਨ।