- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ 70 ਸੀਟਾਂ ’ਤੇ ਨਵੇਂ ਚਿਹਰਿਆਂ ਨੂੰ ਮੌਕਾ ਦੇਣ ਦੀ ਵਕਾਲਤ ਕੀਤੀ ਹੈ।

ਜਗਮੀਤ ਸਿੰਘ, ਪੰਜਾਬੀ ਜਾਗਰਣ, ਫ਼ਰੀਦਕੋਟ : ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ 70 ਸੀਟਾਂ ’ਤੇ ਨਵੇਂ ਚਿਹਰਿਆਂ ਨੂੰ ਮੌਕਾ ਦੇਣ ਦੀ ਵਕਾਲਤ ਕੀਤੀ ਹੈ। ਬੁੱਧਵਾਰ ਨੂੰ ਸਾਦਿਕ ਵਿਖੇ ਬਲਾਕ ਕਾਂਗਰਸ ਪ੍ਰਧਾਨ ਸ਼ਿਵਰਾਜ ਸਿੰਘ ਢਿੱਲੋਂ ਦੇ ਘਰ ਪਹੁੰਚੇ ਵੜਿੰਗ ਨੇ ਦੱਸਿਆ ਕਿ ਉਨ੍ਹਾਂ ਪਾਰਟੀ ਦੀ ਚੋਣ ਰਣਨੀਤੀ ਸਬੰਧੀ ਮੀਟਿੰਗ ਵਿੱਚ ਵੀ ਇਹ ਸੁਝਾਅ ਦਿੱਤਾ ਸੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ 2022 ਦੀ ਜਿੱਤ ਪਿੱਛੇ ਆਮ ਲੋਕਾਂ ਨੂੰ ਉਮੀਦਵਾਰ ਬਣਾਉਣਾ ਵੀ ਇਕ ਕਾਰਨ ਸੀ।
ਚੰਨੀ ਦੇ ਦਾਅਵੇ ’ਤੇ ਤਨਜ਼
ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕਿੱਕੀ ਢਿੱਲੋਂ ਨੂੰ ਟਿਕਟ ਦੇਣ ਅਤੇ ਮੰਤਰੀ ਬਣਾਉਣ ਦੇ ਦਾਅਵੇ ’ਤੇ ਵੜਿੰਗ ਨੇ ਕਿਹਾ ਕਿ ਇਹ ਫ਼ੈਸਲੇ ਕਰਨ ਦਾ ਅਧਿਕਾਰ ਕਿਸੇ ਇਕ ਆਗੂ ਕੋਲ ਨਹੀਂ, ਸਗੋਂ ਕੇਂਦਰੀ ਲੀਡਰਸ਼ਿਪ ਤੇ ਰਾਹੁਲ ਗਾਂਧੀ ਕੋਲ ਹੈ। ਉਨ੍ਹਾਂ ਪਾਰਟੀ ਵਿੱਚ ਧੜੇਬੰਦੀ ਤੋਂ ਇਨਕਾਰ ਕੀਤਾ, ਪਰ ਸਮਾਗਮ ਵਿੱਚ ਚੰਨੀ ਨਾਲ ਜੁੜੇ ਆਗੂਆਂ ਦੀ ਗੈਰਹਾਜ਼ਰੀ ਚਰਚਾ ਦਾ ਵਿਸ਼ਾ ਰਹੀ।
ਨਸ਼ਿਆਂ ਲਈ ਨਵੀਂ ਨੀਤੀ ਦੀ ਲੋੜ
ਵੜਿੰਗ ਨੇ ਕਿਹਾ ਕਿ ਨਸ਼ਿਆਂ ਦਾ ਖ਼ਾਤਮਾ ਸਿਰਫ਼ ਕਾਰਵਾਈਆਂ ਨਾਲ ਸੰਭਵ ਨਹੀਂ। ਨਸ਼ੇ ਦੀ ਲਤ ਦੇ ਸ਼ਿਕਾਰ ਨੌਜਵਾਨਾਂ ਲਈ ਇਲਾਜ ਤੇ ਪੁਨਰਵਾਸ ਦੀਆਂ ਸਹੂਲਤਾਂ ਦੇਣ ਦੇ ਨਾਲ ਵਿਹਾਰਕ ਨੀਤੀ ਬਣਾਉਣੀ ਪਵੇਗੀ। ਉਨ੍ਹਾਂ ਪੰਜਾਬ ਦੀ ਆਰਥਿਕ ਹਾਲਤ ਅਤੇ ਰੁਜ਼ਗਾਰ ਦੇ ਮੁੱਦੇ ’ਤੇ ਵੀ ਚਿੰਤਾ ਪ੍ਰਗਟਾਈ।
ਅਕਾਲੀ-ਭਾਜਪਾ ਗੱਠਜੋੜ ’ਤੇ ਨਿਸ਼ਾਨਾ
ਵੜਿੰਗ ਨੇ ਦੋਸ਼ ਲਾਇਆ ਕਿ ਗੱਠਜੋੜ ਹਰਸਿਮਰਤ ਕੌਰ ਬਾਦਲ ਨੂੰ ਮੁੜ ਕੇਂਦਰੀ ਮੰਤਰੀ ਬਣਾਉਣ ਲਈ ਕੀਤਾ ਗਿਆ ਹੈ। ਉਨ੍ਹਾਂ ਸਵਾਲ ਕੀਤਾ ਕਿ ਬੰਦੀ ਸਿੱਖਾਂ ਦੀ ਰਿਹਾਈ, ਪੰਜਾਬ ਦੇ ਪਾਣੀਆਂ, ਚੰਡੀਗੜ੍ਹ ਅਤੇ ਬੀਬੀਐੱਮਬੀ ਵਰਗੇ ਮੁੱਦਿਆਂ ਨੂੰ ਸਮਝੌਤੇ ਵਿੱਚ ਕਿੰਨੀ ਤਰਜੀਹ ਦਿੱਤੀ ਗਈ। ਉਨ੍ਹਾਂ ਅਕਾਲੀ-ਭਾਜਪਾ ਦੇ ਪਿਛਲੇ ਕਾਰਜਕਾਲ ਦੌਰਾਨ ਚਿੱਟੇ ਦੇ ਫੈਲਾਅ ਲਈ ਵੀ ਉਸ ਸਮੇਂ ਦੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ।