- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਫਾਜ਼ਿਲਕਾ-ਫਿਰੋਜ਼ਪੁਰ ਹਾਈਵੇ ’ਤੇ ਐਤਵਾਰ ਰਾਤ ਪਿੰਡ ਬਹਿਕ ਖ਼ਾਸ ਦੇ ਨੇੜੇ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਇੱਥੇ ਪਿਕਅੱਪ ਅਤੇ ਕਰੂਜ਼ਰ ਗੱਡੀ ਵਿਚਕਾਰ ਜ਼ਬਰਦਸਤ ਟੱਕਰ ਹੋਣ ਕਾਰਨ 5 ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ 9 ਹੋਰ ਜ਼ਖ਼ਮੀ ਹੋ ਗਏ।

ਰਿਤਿਸ਼ ਕੁੱਕੜ.ਪੰਜਾਬੀ ਜਾਗਰਣ,ਫਾਜ਼ਿਲਕਾ: ਫਾਜ਼ਿਲਕਾ-ਫਿਰੋਜ਼ਪੁਰ ਹਾਈਵੇ ’ਤੇ ਐਤਵਾਰ ਰਾਤ ਪਿੰਡ ਬਹਿਕ ਖ਼ਾਸ ਦੇ ਨੇੜੇ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਇੱਥੇ ਪਿਕਅੱਪ ਅਤੇ ਕਰੂਜ਼ਰ ਗੱਡੀ ਵਿਚਕਾਰ ਜ਼ਬਰਦਸਤ ਟੱਕਰ ਹੋਣ ਕਾਰਨ 5 ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ 9 ਹੋਰ ਜ਼ਖ਼ਮੀ ਹੋ ਗਏ। ਮ੍ਰਿਤਕਾਂ ਵਿੱਚ 3 ਮਾਸੂਮ ਬੱਚੇ ਵੀ ਸ਼ਾਮਲ ਹਨ। ਹਾਦਸਾ ਇੰਨਾ ਭਿਆਨਕ ਸੀ ਕਿ ਕਰੂਜ਼ਰ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਉਸ ਦੇ ਪਰਖੱਚੇ ਉੱਡ ਗਏ। ਹਾਦਸੇ ਤੋਂ ਬਾਅਦ ਮੌਕੇ ’ਤੇ ਚੀਕ-ਚਿਹਾੜਾ ਮਚ ਗਿਆ।
ਮਿਲੀ ਜਾਣਕਾਰੀ ਅਨੁਸਾਰ ਜਲਾਲਾਬਾਦ ਦੇ ਪਿੰਡ ਵੱਡਾ ਟਿਵਾਣਾ ਦਾ ਇੱਕ ਪਰਿਵਾਰ ਕਰੂਜ਼ਰ ਗੱਡੀ ਵਿੱਚ ਸਵਾਰ ਹੋ ਕੇ ਫਾਜ਼ਿਲਕਾ ਦੇ ਪਿੰਡ ਕਰਨੀ ਖੇੜਾ ਵਿਖੇ ਆਪਣੇ ਚਾਚੇ ਦੇ ਲੜਕੇ ਦੇ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਗਿਆ ਸੀ। ਪਰਿਵਾਰ ਦੇ ਕਰੀਬ 13 ਮੈਂਬਰ ਗੱਡੀ ਵਿੱਚ ਸਵਾਰ ਸਨ। ਐਤਵਾਰ ਰਾਤ ਵਿਆਹ ਸਮਾਗਮ ਤੋਂ ਵਾਪਸ ਆਪਣੇ ਪਿੰਡ ਪਰਤਦੇ ਸਮੇਂ ਜਦੋਂ ਉਹ ਫਾਜ਼ਿਲਕਾ-ਫਿਰੋਜ਼ਪੁਰ ਹਾਈਵੇ ’ਤੇ ਪਿੰਡ ਬਹਿਕ ਖ਼ਾਸ ਦੇ ਨੇੜੇ ਪਹੁੰਚੇ ਤਾਂ ਉਨ੍ਹਾਂ ਦੀ ਕਰੂਜ਼ਰ ਗੱਡੀ ਦੀ ਪਿਕਅੱਪ ਨਾਲ ਟੱਕਰ ਹੋ ਗਈ।
ਟੱਕਰ ਇੰਨੀ ਜ਼ਬਰਦਸਤ ਸੀ ਕਿ ਕਰੂਜ਼ਰ ਗੱਡੀ ਦਾ ਅਗਲਾ ਅਤੇ ਵਿਚਕਾਰਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਗੱਡੀ ਵਿੱਚ ਸਵਾਰ ਲੋਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਹਾਦਸੇ ਤੋਂ ਬਾਅਦ ਆਸ-ਪਾਸ ਦੇ ਲੋਕ ਮਦਦ ਲਈ ਮੌਕੇ ’ਤੇ ਪਹੁੰਚੇ ਅਤੇ ਜ਼ਖ਼ਮੀਆਂ ਨੂੰ ਬਾਹਰ ਕੱਢਣ ਵਿੱਚ ਸਹਾਇਤਾ ਕੀਤੀ।
ਪਰਿਵਾਰ ਦੇ 4 ਮੈਂਬਰਾਂ ਦੀ ਮੌਤ, ਮ੍ਰਿਤਕਾਂ ਵਿੱਚ ਬੱਚੇ ਵੀ ਸ਼ਾਮਲ
ਮ੍ਰਿਤਕਾਂ ਦੇ ਰਿਸ਼ਤੇਦਾਰ ਸੰਦੀਪ ਸਿੰਘ ਅਨੁਸਾਰ ਇਸ ਹਾਦਸੇ ਵਿੱਚ ਉਨ੍ਹਾਂ ਦੇ ਪਰਿਵਾਰ ਦੇ ਦੋ ਬੱਚਿਆਂ ਸਮੇਤ ਚਾਰ ਮੈਂਬਰਾਂ ਦੀ ਮੌਤ ਹੋਈ ਹੈ। ਮ੍ਰਿਤਕਾਂ ਵਿੱਚ ਉਨ੍ਹਾਂ ਦਾ ਭਤੀਜਾ, ਭਤੀਜੀ, ਪਰਿਵਾਰ ਦੀ ਮਾਤਾ ਅਤੇ ਗੱਡੀ ਦਾ ਡਰਾਈਵਰ ਸ਼ਾਮਲ ਦੱਸੇ ਗਏ ਹਨ। ਮੁੱਢਲੀ ਜਾਣਕਾਰੀ ਅਨੁਸਾਰ ਹਾਦਸੇ ਵਿੱਚ ਕੁੱਲ 5 ਵਿਅਕਤੀਆਂ ਦੀ ਜਾਨ ਗਈ ਹੈ, ਜਿਨ੍ਹਾਂ ਵਿੱਚ ਤਿੰਨ ਬੱਚੇ ਵੀ ਸ਼ਾਮਲ ਹਨ। ਇਸ ਤੋਂ ਇਲਾਵਾ 9 ਵਿਅਕਤੀ ਜ਼ਖ਼ਮੀ ਹੋਏ ਹਨ।
ਸੜਕ ਸੁਰੱਖਿਆ ਫੋਰਸ ਨੇ ਸੰਭਾਲਿਆ ਮੋਰਚਾ
ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸੜਕ ਸੁਰੱਖਿਆ ਫੋਰਸ ਦੀ ਟੀਮ ਮੌਕੇ ’ਤੇ ਪਹੁੰਚ ਗਈ। ਟੀਮ ਵੱਲੋਂ ਜ਼ਖ਼ਮੀਆਂ ਨੂੰ ਤੁਰੰਤ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ ਅਤੇ ਹਾਈਵੇ ’ਤੇ ਆਵਾਜਾਈ ਨੂੰ ਸੁਚਾਰੂ ਕਰਵਾਇਆ ਗਿਆ। ਸੜਕ ਸੁਰੱਖਿਆ ਫੋਰਸ ਦੇ ਇੰਚਾਰਜ ਆਤਮਾਰਾਮ ਨੇ ਦੱਸਿਆ ਕਿ ਜ਼ਖ਼ਮੀਆਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾ ਦਿੱਤਾ ਗਿਆ ਹੈ ਅਤੇ ਹਾਦਸੇ ਸਬੰਧੀ ਸਬੰਧਤ ਥਾਣੇ ਦੀ ਪੁਲਿਸ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ।
ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ
ਇਸ ਦਰਦਨਾਕ ਹਾਦਸੇ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ, ਜਦਕਿ ਜ਼ਖ਼ਮੀਆਂ ਦਾ ਹਸਪਤਾਲ ਵਿੱਚ ਇਲਾਜ ਜਾਰੀ ਹੈ। ਵਿਆਹ ਦੀਆਂ ਖੁਸ਼ੀਆਂ ਮਨਾ ਕੇ ਘਰ ਪਰਤ ਰਹੇ ਪਰਿਵਾਰ ਨਾਲ ਵਾਪਰੀ ਇਸ ਮੰਦਭਾਗੀ ਘਟਨਾ ਨੇ ਹਰ ਕਿਸੇ ਨੂੰ ਝੰਜੋੜ ਕੇ ਰੱਖ ਦਿੱਤਾ ਹੈ।
ਵਿਧਾਇਕ ਨਰਿੰਦਰ ਪਾਲ ਸਿੰਘ ਸਵਣਾ ਅਤੇ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਸਿਵਲ ਹਸਪਤਾਲ ਪਹੁੰਚ ਕੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ
ਫਾਜ਼ਿਲਕਾ-ਫਿਰੋਜ਼ਪੁਰ ਹਾਈਵੇ ’ਤੇ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ 5 ਵਿਅਕਤੀਆਂ ਦੀ ਮੌਤ ਅਤੇ 9 ਦੇ ਜ਼ਖ਼ਮੀ ਹੋਣ ਦੀ ਘਟਨਾ ਤੋਂ ਬਾਅਦ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਣਾ ਅਤੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਸਿਵਲ ਹਸਪਤਾਲ ਪਹੁੰਚੇ। ਉਨ੍ਹਾਂ ਨੇ ਪੀੜਤ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕੀਤਾ ਅਤੇ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨੂੰ ਹੌਸਲਾ ਦਿੱਤਾ। ਉਨ੍ਹਾਂ ਨੇ ਜ਼ਖ਼ਮੀਆਂ ਦਾ ਹਾਲ-ਚਾਲ ਵੀ ਜਾਣਿਆ।
ਸਿਵਲ ਹਸਪਤਾਲ ਦੇ ਐਸਐਮਓ ਡਾ. ਐਰਿਕ ਨੇ ਕੀਤੀ 5 ਮੌਤਾਂ ਦੀ ਪੁਸ਼ਟੀ
ਫਾਜ਼ਿਲਕਾ ਸਿਵਲ ਹਸਪਤਾਲ ਦੇ ਐਸਐਮਓ ਡਾ. ਐਰਿਕ ਨੇ ਦੱਸਿਆ ਕਿ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਵਿੱਚੋਂ 5 ਦੀ ਮੌਤ ਹੋ ਚੁੱਕੀ ਹੈ, ਜਦਕਿ ਬਾਕੀ ਜ਼ਖ਼ਮੀਆਂ ਦਾ ਸਿਵਲ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।