ਸਰਕਾਰ ਹਰ ਵਰਗ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਸਰਗਰਮ : ਭੁੱਲਰ ਵਿਧਾਇਕ ਰਣਬੀਰ ਸਿੰਘ ਭੁੱਲਰ ਵੱਲੋਂ ਲੋਕ ਮਿਲਣੀ, ਪਿੰਡਾਂ ਦਾ ਦੌਰਾ ਕਰਕੇ ਸੁਣੀਆਂ ਜਨਤਕ ਸਮੱਸਿਆਵਾਂ
Publish Date: Wed, 08 Jul 2026 03:52 PM (IST)
Updated Date: Wed, 08 Jul 2026 03:54 PM (IST)
ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : ਫ਼ਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਲੋਕ ਮਿਲਣੀ ਪ੍ਰੋਗਰਾਮ ਤਹਿਤ ਇਲਾਕਾ ਵਾਸੀਆਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ। ਇਸ ਦੌਰਾਨ ਉਨ੍ਹਾਂ ਜਿੱਥੇ ਆਮ ਲੋਕਾਂ ਦੀਆਂ ਮੁਸ਼ਕਲਾਂ ਨੂੰ ਬੜੀ ਸੰਜੀਦਗੀ ਨਾਲ ਸੁਣਿਆ, ਉੱਥੇ ਹੀ ਚੱਲ ਰਹੇ ਵਿਕਾਸ ਕਾਰਜਾਂ ਦੀ ਜ਼ਮੀਨੀ ਹਕੀਕਤ ਦਾ ਜਾਇਜ਼ਾ ਵੀ ਲਿਆ। ਵਿਧਾਇਕ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਵਰਗ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਪੂਰੀ ਤਰ੍ਹਾਂ ਸਰਗਰਮ ਹੈ। ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਵੱਲੋਂ ਹਲਕੇ ਦੇ ਪਿੰਡ ਬਸਤੀ ਬੋਰਾਂ ਵਾਲੀ, ਫਰੀਦੇ ਵਾਲਾ ਅਤੇ ਬਸਤੀ ਬੱਗੇ ਵਾਲੀ ਵਿਖੇ ਵਿਸ਼ੇਸ਼ ‘ਲੋਕ ਮਿਲਣੀ’ ਸਮਾਗਮਾਂ ਦਾ ਆਯੋਜਨ ਕੀਤਾ ਗਿਆ। ਇਨ੍ਹਾਂ ਪ੍ਰੋਗਰਾਮਾਂ ਦਾ ਮੁੱਖ ਉਦੇਸ਼ ਪ੍ਰਸ਼ਾਸਨ ਨੂੰ ਲੋਕਾਂ ਦੀਆਂ ਬੂਹਿਆਂ ਤੱਕ ਲੈ ਕੇ ਜਾਣਾ ਅਤੇ ਵਿਕਾਸ ਕਾਰਜਾਂ ਸਬੰਧੀ ਸਿੱਧੀ ਫੀਡਬੈਕ ਹਾਸਲ ਕਰਨਾ ਸੀ। ਇਸ ਲੋਕ ਮਿਲਣੀ ਦੌਰਾਨ ਵੱਡੀ ਗਿਣਤੀ ਵਿਚ ਇਕੱਠੇ ਹੋਏ ਪਿੰਡ ਵਾਸੀਆਂ ਨੇ ਆਪਣੇ ਇਲਾਕੇ, ਗਲੀਆਂ-ਨਾਲੀਆਂ, ਪੀਣ ਵਾਲੇ ਸਾਫ਼ ਪਾਣੀ, ਨਿਕਾਸੀ ਅਤੇ ਹੋਰ ਬੁਨਿਆਦੀ ਨਾਗਰਿਕ ਸਹੂਲਤਾਂ ਨਾਲ ਸਬੰਧਤ ਮੁਸ਼ਕਲਾਂ ਵਿਧਾਇਕ ਦੇ ਸਾਹਮਣੇ ਰੱਖੀਆਂ। ਲੋਕਾਂ ਨੇ ਆਪਣੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਕਈ ਅਹਿਮ ਸੁਝਾਅ ਅਤੇ ਮੰਗ ਪੱਤਰ ਵੀ ਸੌਂਪੇ। ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਤੋਂ ਬਾਅਦ ਵਿਧਾਇਕ ਭੁੱਲਰ ਨੇ ਮੌਕੇ ’ਤੇ ਹੀ ਮੌਜ਼ਦ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਜਾਇਜ਼ ਮੰਗਾਂ ਦਾ ਨਿਪਟਾਰਾ ਬਿਨਾਂ ਕਿਸੇ ਦੇਰੀ ਦੇ ਪਹਿਲ ਦੇ ਆਧਾਰ ’ਤੇ ਯਕੀਨੀ ਬਣਾਇਆ ਜਾਵੇ। ਇਸ ਮੌਕੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਆਖਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੌਜ਼ੂਦਾ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਇਕ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਪੱਖੀ ਪ੍ਰਸ਼ਾਸਨ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸਰਕਾਰ ਦਾ ਮੁੱਖ ਮਨੋਰਥ ਲੋਕਾਂ ਦੇ ਮਸਲਿਆਂ ਦਾ ਸਮੇਂ ਸਿਰ ਹੱਲ ਕਰਨਾ ਅਤੇ ਹਰ ਪੇਂਡੂ ਤੇ ਸ਼ਹਿਰੀ ਖੇਤਰ ਵਿਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਹੈ। ਉਨ੍ਹਾਂ ਅੱਗੇ ਕਿਹਾ ਕਿ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਵਿਕਾਸ ਕਾਰਜ ਨਿਰੰਤਰ ਅਤੇ ਨਿਰਪੱਖ ਤਰੀਕੇ ਨਾਲ ਜਾਰੀ ਹਨ। ਆਉਣ ਵਾਲੇ ਦਿਨਾਂ ਵਿਚ ਵੀ ਜਨਤਕ ਹਿੱਤਾਂ ਨੂੰ ਮੁੱਖ ਰੱਖਦਿਆਂ ਕਈ ਵੱਡੇ ਵਿਕਾਸ ਪ੍ਰੋਜੈਕਟ ਸ਼ੁਰੂ ਕੀਤੇ ਜਾ ਰਹੇ ਹਨ। ਸਰਕਾਰ ਦੀ ਕੋਸ਼ਿਸ਼ ਹੈ ਕਿ ਹਰ ਲੋੜਵੰਦ ਅਤੇ ਆਮ ਨਾਗਰਿਕ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਬਿਨਾਂ ਕਿਸੇ ਪੱਖਪਾਤ ਦੇ ਪਹੁੰਚ ਸਕੇ। ਇਸ ਮੌਕੇ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਇਲਾਵਾ ਨੇਕ ਪ੍ਰਤਾਪ ਸਿੰਘ, ਰਾਜ ਬਹਾਦੁਰ ਸਿੰਘ, ਹਿਮਾਂਸ਼ੂ ਠੱਕਰ, ਦਿਲਬਾਗ ਸਿੰਘ ਨੰਡਾ ਚੇਅਰਮੈਨ ਬਲਾਕ ਸੰਮਤੀ ਫਿਰੋਜ਼ਪੁਰ, ਹਰਮੀਤ ਸਿੰਘ ਖਾਈ, ਸੁੁਖਚੈਨ ਸਿੰਘ ਖਾਈ, ਮੇਜਰ ਸਿੰਘ ਕੌਂਸਲਰ ਅਤੇ ਹੋਰ ਵੀ ਹਾਜ਼ਰ ਸਨ।