- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਇੱਕ ਵਾਰ ਫਿਰ ਪੁਲਿਸ ਮੁਲਾਜ਼ਮ ਦੀ ਗੋਲੀ ਮਾਰ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਮਲਾਵਰਾਂ ਨੇ ਪੁਲਿਸ ਹੈੱਡ ਕਾਂਸਟੇਬਲ ਦੇ ਸਿਰ ਵਿੱਚ ਗੋਲ਼ੀ ਮਾਰ ਕੇ ਉਸ ਦੀ ਹੱਤਿਆ ਕਰ ਦਿੱਤੀ ਅਤੇ ਲਾਸ਼ ਸੜਕ ਕਿਨਾਰੇ ਸੁੱਟ ਦਿੱਤੀ।

ਜਾਸ, ਗੁਰਦਾਸਪੁਰ : ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਇੱਕ ਵਾਰ ਫਿਰ ਪੁਲਿਸ ਮੁਲਾਜ਼ਮ ਦੀ ਗੋਲੀ ਮਾਰ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਮਲਾਵਰਾਂ ਨੇ ਪੁਲਿਸ ਹੈੱਡ ਕਾਂਸਟੇਬਲ ਦੇ ਸਿਰ ਵਿੱਚ ਗੋਲ਼ੀ ਮਾਰ ਕੇ ਉਸ ਦੀ ਹੱਤਿਆ ਕਰ ਦਿੱਤੀ ਅਤੇ ਲਾਸ਼ ਸੜਕ ਕਿਨਾਰੇ ਸੁੱਟ ਦਿੱਤੀ। ਘਟਨਾ ਦੀ ਜਾਣਕਾਰੀ ਪੁਲਿਸ ਨੂੰ ਦੇਰ ਰਾਤ ਕਰੀਬ 12 ਵਜੇ ਮਿਲੀ, ਜਿਸ ਤੋਂ ਬਾਅਦ ਪੁਲਿਸ ਵਿਭਾਗ ਵਿੱਚ ਹੜਕੰਪ ਮਚ ਗਿਆ।
ਮੁੱਢਲੀ ਜਾਣਕਾਰੀ ਅਨੁਸਾਰ, ਦੋ ਮੋਟਰਸਾਈਕਲ ਸਵਾਰਾਂ ਵੱਲੋਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਘਟਨਾ ਨਾਲ ਸਬੰਧਤ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਪੁਲਿਸ ਨੇ ਵੱਖ-ਵੱਖ ਪਹਿਲੂਆਂ ਤੋਂ ਜਾਂਚ ਸ਼ੁਰੂ ਕਰ ਦਿੱਤੀ ਹੈ।
ਉੱਧਰ, ਤਹਿਰੀਕ-ਏ-ਤਾਲਿਬਾਨ ਹਿੰਦੋਸਤਾਨ ਨਾਮਕ ਸੰਗਠਨ ਨੇ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਇਸ ਹੱਤਿਆ ਦੀ ਜ਼ਿੰਮੇਵਾਰੀ ਲੈਣ ਦਾ ਦਾਅਵਾ ਕੀਤਾ ਹੈ। ਸੋਮਵਾਰ ਦੇਰ ਸ਼ਾਮ ਏਡੀਜੀਪੀ ਲਾਅ ਐਂਡ ਆਰਡਰ ਪ੍ਰਵੀਨ ਕੁਮਾਰ ਸਿਨਹਾ ਅਤੇ ਆਈਜੀ ਬਾਰਡਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਵੀ ਘਟਨਾ ਸਥਾਨ ’ਤੇ ਪਹੁੰਚੇ ਅਤੇ ਮੌਕੇ ਦਾ ਜਾਇਜ਼ਾ ਲਿਆ।
ਬਾਈਪਾਸ ਨੇੜੇ ਖੂਨ ਨਾਲ ਲੱਥਪੱਥ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼
ਜਾਣਕਾਰੀ ਅਨੁਸਾਰ ਐਤਵਾਰ ਅਤੇ ਸੋਮਵਾਰ ਦੀ ਦਰਮਿਆਨੀ ਰਾਤ ਅੰਮ੍ਰਿਤਸਰ-ਪਠਾਨਕੋਟ ਨੈਸ਼ਨਲ ਹਾਈਵੇਅ ’ਤੇ ਪਿੰਡ ਮਾਨ ਕੌਰ ਨੇੜੇ ਪੁਲਿਸ ਹੈੱਡ ਕਾਂਸਟੇਬਲ ਵਿਨੋਦ ਕੁਮਾਰ ਵਾਸੀ ਕ੍ਰਿਸ਼ਨਾ ਨਗਰ ਦੀ ਖੂਨ ਨਾਲ ਲੱਥਪੱਥ ਲਾਸ਼ ਮਿਲੀ।
ਮ੍ਰਿਤਕ ਦੀ ਮਾਤਾ ਕੁੰਤੀ ਦੇਵੀ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਪੁਲਿਸ ਜ਼ਿਲ੍ਹਾ ਪਠਾਨਕੋਟ ਦੇ ਥਾਣਾ ਸੁਜਾਨਪੁਰ ਵਿੱਚ ਤਾਇਨਾਤ ਸੀ। ਉਨ੍ਹਾਂ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ।
ਉਨ੍ਹਾਂ ਦੱਸਿਆ ਕਿ ਐਤਵਾਰ ਰਾਤ ਕਰੀਬ ਸਵਾ 9 ਵਜੇ ਵਿਨੋਦ ਨੇ ਆਪਣੇ ਭਰਾ ਨੂੰ ਫੋਨ ਕਰਕੇ ਦੱਸਿਆ ਸੀ ਕਿ ਉਹ ਪੁਰਾਣਾ ਸ਼ਾਲਾ ਨੇੜੇ ਪਹੁੰਚ ਗਿਆ ਹੈ। ਉਸ ਨੇ ਆਪਣੇ ਭਰਾ ਨੂੰ ਕਰੀਬ 15 ਮਿੰਟ ਬਾਅਦ ਬਾਈਪਾਸ ਤੋਂ ਆ ਕੇ ਲੈ ਜਾਣ ਲਈ ਕਿਹਾ ਸੀ।
ਜਦੋਂ ਉਸ ਦਾ ਭਰਾ ਰਾਮ ਲਾਲ ਉਸ ਨੂੰ ਲੈਣ ਲਈ ਬਾਈਪਾਸ ਚੌਕ ਪਹੁੰਚਿਆ ਤਾਂ ਵਿਨੋਦ ਉੱਥੇ ਨਹੀਂ ਮਿਲਿਆ। ਪਰਿਵਾਰ ਵੱਲੋਂ ਕਾਫ਼ੀ ਭਾਲ ਕਰਨ ਦੇ ਬਾਵਜੂਦ ਉਸ ਦਾ ਕੋਈ ਪਤਾ ਨਹੀਂ ਲੱਗਿਆ। ਇਸ ਤੋਂ ਬਾਅਦ ਰਾਤ ਕਰੀਬ 1 ਵਜੇ ਵਿਨੋਦ ਦੀ ਲਾਸ਼ ਬਾਈਪਾਸ ਸੜਕ ਦੇ ਕਿਨਾਰੇ ਪਈ ਮਿਲੀ। ਪਰਿਵਾਰ ਅਨੁਸਾਰ ਵਿਨੋਦ ਦਾ ਸਾਮਾਨ ਵੀ ਉਸ ਕੋਲ ਮੌਜੂਦ ਨਹੀਂ ਸੀ।
ਜਾਂਚ ਅਧਿਕਾਰੀ ਐੱਸਆਈ ਮੋਹਨ ਲਾਲ ਨੇ ਦੱਸਿਆ ਕਿ ਵਿਨੋਦ ਕੁਮਾਰ ਤਰੱਕੀ ਤੋਂ ਬਾਅਦ ਟ੍ਰੇਨਿੰਗ ਸੈਂਟਰ ਜਹਾਨਖੇਲਾਂ ਗਏ ਸਨ। ਉਨ੍ਹਾਂ ਨੂੰ ਸਿਖਲਾਈ ਦੇ ਸਿਲਸਿਲੇ ਵਿੱਚ ਸੰਗਰੂਰ ਭੇਜਿਆ ਗਿਆ ਸੀ। 15 ਨਵੰਬਰ ਦੀ ਦੇਰ ਰਾਤ ਜਦੋਂ ਉਹ ਗੁਰਦਾਸਪੁਰ ਵਾਪਸ ਆ ਰਹੇ ਸਨ ਤਾਂ ਮਾਨ ਕੌਰ ਸਿੰਘ ਨੇੜੇ ਉਨ੍ਹਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ।
ਸੀਸੀਟੀਵੀ ਫੁਟੇਜ ਆਈ ਸਾਹਮਣੇ
ਵਿਨੋਦ ਕੁਮਾਰ ਦੀ ਹੱਤਿਆ ਤੋਂ ਪਹਿਲਾਂ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਇਸ ਫੁਟੇਜ ਦੀ ਇੱਕ ਤਸਵੀਰ ਸੋਸ਼ਲ ਮੀਡੀਆ ’ਤੇ ਸਾਂਝੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਦਾਅਵਾ ਕੀਤਾ ਹੈ ਕਿ ਦੋ ਮੋਟਰਸਾਈਕਲ ਸਵਾਰਾਂ ਨੇ ਪਹਿਲਾਂ ਵਿਨੋਦ ਕੁਮਾਰ ਨੂੰ ਅਗਵਾ ਕੀਤਾ ਅਤੇ ਬਾਅਦ ਵਿੱਚ ਗੋਲੀ ਮਾਰ ਕੇ ਉਸ ਦੀ ਹੱਤਿਆ ਕਰ ਦਿੱਤੀ।
ਸੀਸੀਟੀਵੀ ਫੁਟੇਜ ਵਿੱਚ ਦੋ ਮੋਟਰਸਾਈਕਲ ਸਵਾਰ ਨੌਜਵਾਨ ਵਿਨੋਦ ਕੁਮਾਰ ਨੂੰ ਆਪਣੇ ਮੋਟਰਸਾਈਕਲ ’ਤੇ ਬਿਠਾਉਂਦੇ ਦਿਖਾਈ ਦੇ ਰਹੇ ਹਨ। ਦੂਜੇ ਪਾਸੇ ਪੁਲਿਸ ਦਾ ਕਹਿਣਾ ਹੈ ਕਿ ਵਿਨੋਦ ਕੁਮਾਰ ਨੇ ਖੁਦ ਮੋਟਰਸਾਈਕਲ ਸਵਾਰਾਂ ਤੋਂ ਲਿਫਟ ਲਈ ਸੀ, ਜਿਨ੍ਹਾਂ ਨੇ ਬਾਅਦ ਵਿੱਚ ਉਸ ਦੇ ਸਿਰ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪੁਲਿਸ ਮੁਤਾਬਕ ਹੁਣ ਤੱਕ ਅਗਵਾ ਹੋਣ ਦਾ ਕੋਈ ਪਹਿਲੂ ਸਾਹਮਣੇ ਨਹੀਂ ਆਇਆ ਹੈ।
ਤਹਿਰੀਕ-ਏ-ਤਾਲਿਬਾਨ ਹਿੰਦੋਸਤਾਨ ਨੇ ਲਈ ਜ਼ਿੰਮੇਵਾਰੀ
ਇਸ ਵਾਰਦਾਤ ਤੋਂ ਬਾਅਦ ਤਹਿਰੀਕ-ਏ-ਤਾਲਿਬਾਨ ਹਿੰਦੋਸਤਾਨ ਨਾਮਕ ਸੰਗਠਨ ਨੇ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਹੱਤਿਆ ਦੀ ਜ਼ਿੰਮੇਵਾਰੀ ਲੈਣ ਦਾ ਦਾਅਵਾ ਕੀਤਾ ਹੈ।
ਪੋਸਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ 15 ਨਵੰਬਰ 2026 ਨੂੰ 'ਆਪਰੇਸ਼ਨ ਨੂਰ' ਤਹਿਤ ਇਹ ਕਾਰਵਾਈ ਕੀਤੀ ਗਈ। ਇਸ ਦੌਰਾਨ ਗੁਰਦਾਸਪੁਰ ਦੇ ਪਠਾਨਕੋਟ ਬਾਈਪਾਸ ’ਤੇ ਅਚਾਨਕ ਕੀਤੀ ਗਈ ਚੈਕਿੰਗ ਸਮੇਂ ਪੁਲਿਸ ਬਲ ਦੇ ਇੱਕ ਮੈਂਬਰ ਨੂੰ ਮਾਰ ਦਿੱਤਾ ਗਿਆ। ਸੰਗਠਨ ਨੇ ਇਸ ਕਾਰਵਾਈ ਨੂੰ ਅੰਜਾਮ ਦੇਣ ਵਾਲਿਆਂ ਨੂੰ ਵਧਾਈ ਵੀ ਦਿੱਤੀ ਹੈ।
ਪੋਸਟ ਵਿੱਚ ਭਾਰਤੀ ਪੁਲਿਸ ਬਲ, ਫ਼ੌਜ ਅਤੇ ਹੋਰ ਸਰਕਾਰੀ ਸੰਸਥਾਵਾਂ ਨੂੰ ਧਮਕੀਆਂ ਦਿੱਤੀਆਂ ਗਈਆਂ ਹਨ। ਇਸ ਵਿੱਚ ਕਿਹਾ ਗਿਆ ਹੈ ਕਿ ਹੁਣ ਹਰ ਰੋਜ਼ ਕਿਸੇ ਨਾ ਕਿਸੇ ਦੀ ਲਾਸ਼ ਉਠਾਉਣੀ ਪਵੇਗੀ। ਇਸ ਤੋਂ ਇਲਾਵਾ ਸੰਗਠਨ ਨੇ ਘਰਾਂ ਵਿੱਚ ਵੜ ਕੇ ਹਮਲੇ ਕਰਨ ਅਤੇ ਭਾਰਤ ਦੇ ਹਰ ਕੋਨੇ ਵਿੱਚ ਇਸਲਾਮ ਦਾ ਪਰਚਮ ਲਹਿਰਾਉਣ ਦੀ ਧਮਕੀ ਵੀ ਦਿੱਤੀ ਹੈ।
ਅੱਤਵਾਦੀ ਪਹਿਲੂ ਤੋਂ ਵੀ ਜਾਂਚ ਕਰ ਰਹੀ ਹੈ ਪੁਲਿਸ
ਘਟਨਾ ਸਥਾਨ ’ਤੇ ਪਹੁੰਚੇ ਏਡੀਜੀਪੀ ਲਾਅ ਐਂਡ ਆਰਡਰ ਪ੍ਰਵੀਨ ਕੁਮਾਰ ਸਿਨਹਾ ਨੇ ਦੱਸਿਆ ਕਿ ਹੈੱਡ ਕਾਂਸਟੇਬਲ ਵਿਨੋਦ ਕੁਮਾਰ ਦੀ ਮਾਨ ਕੌਰ ਸਿੰਘ ਨੇੜੇ ਸਿਰ ਵਿੱਚ ਗੋਲੀ ਮਾਰ ਕੇ ਹੱਤਿਆ ਕੀਤੀ ਗਈ ਹੈ। ਇਹ ਘਟਨਾ ਰਾਤ ਕਰੀਬ 9:20 ਵਜੇ ਵਾਪਰੀ ਸੀ, ਜਦਕਿ ਪੁਲਿਸ ਨੂੰ ਇਸ ਦੀ ਸੂਚਨਾ ਰਾਤ 12 ਵਜੇ ਤੋਂ ਬਾਅਦ ਮਿਲੀ। ਸੂਚਨਾ ਮਿਲਦਿਆਂ ਹੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਸੀ।
ਉਨ੍ਹਾਂ ਦੱਸਿਆ ਕਿ ਮ੍ਰਿਤਕ ਦਾ ਪੋਸਟਮਾਰਟਮ ਕਰਵਾ ਦਿੱਤਾ ਗਿਆ ਹੈ ਅਤੇ ਦੇਰ ਸ਼ਾਮ ਉਸ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ।
ਏਡੀਜੀਪੀ ਨੇ ਕਿਹਾ ਕਿ ਮਾਮਲੇ ਵਿੱਚ ਅੱਤਵਾਦੀ ਪਹਿਲੂ ਤੋਂ ਵੀ ਇਨਕਾਰ ਨਹੀਂ ਕੀਤਾ ਜਾ ਰਿਹਾ। ਸੋਸ਼ਲ ਮੀਡੀਆ ’ਤੇ ਪਾਈ ਗਈ ਪੋਸਟ ਦੀ ਵੀ ਜਾਂਚ ਅਤੇ ਪੁਸ਼ਟੀ ਕੀਤੀ ਜਾ ਰਹੀ ਹੈ। ਪਠਾਨਕੋਟ ਵਿੱਚ ਖੋਹੀ ਗਈ ਗੱਡੀ ਦਾ ਇਸ ਵਾਰਦਾਤ ਨਾਲ ਕੋਈ ਸਬੰਧ ਸਾਹਮਣੇ ਨਹੀਂ ਆਇਆ।
ਪੁਲਿਸ ਦੀ ਜਾਂਚ ਅਨੁਸਾਰ ਹੈੱਡ ਕਾਂਸਟੇਬਲ ਨੇ ਮੋਟਰਸਾਈਕਲ ਸਵਾਰਾਂ ਤੋਂ ਲਿਫਟ ਲਈ ਸੀ ਅਤੇ ਫਿਲਹਾਲ ਅਗਵਾ ਦਾ ਕੋਈ ਪਹਿਲੂ ਸਾਹਮਣੇ ਨਹੀਂ ਆਇਆ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਮਾਮਲਿਆਂ ਵਿੱਚ ਵੀ ਦੇਸ਼ ਵਿਰੋਧੀ ਅਨਸਰਾਂ ਦੀ ਸ਼ਮੂਲੀਅਤ ਸਾਹਮਣੇ ਆਈ ਸੀ, ਇਸ ਲਈ ਅੱਤਵਾਦੀ ਪਹਿਲੂ ਨੂੰ ਪੂਰੀ ਤਰ੍ਹਾਂ ਰੱਦ ਨਹੀਂ ਕੀਤਾ ਜਾ ਸਕਦਾ।
ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਸਾਰੇ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਪੂਰੇ ਪੰਜਾਬ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ।