- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਾਨ ਨੇ ਦੋਸ਼ ਲਾਇਆ ਕਿ ਪਿਛਲੀਆਂ ਸਰਕਾਰਾਂ ਨੇ ਜਨਤਾ ਦੇ ਪੈਸੇ ਨਾਲ ਆਪਣੇ ਖ਼ਜ਼ਾਨੇ ਭਰੇ, ਜਦਕਿ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਆਮ ਲੋਕਾਂ ਨੂੰ ਰਾਹਤ ਦੇਣ ਵਾਲੀਆਂ ਯੋਜਨਾਵਾਂ ਬੰਦ ਕਰਨ ਦੀਆਂ ਧਮਕੀਆਂ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਮਹਿਲਾਵਾਂ ਦੇ ਸਵੈ-ਮਾਣ ਅਤੇ ਆਰਥਿਕ ਸਸ਼ਕਤੀਕਰਨ ਤੋਂ ਇਲਾਵਾ ਸਿੱਖਿਆ, ਸਿਹਤ, ਰੋਜ਼ਗਾਰ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਨੂੰ ਤਰਜੀਹ ਦੇ ਰਹੀ ਹੈ।

ਧੀਰਜ ਮਰਵਾਹਾ, ਪੰਜਾਬੀ ਜਾਗਰਣ, ਨਕੋਦਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ 1 ਨਵੰਬਰ ਨੂੰ ਔਰਤਾਂ ਦੇ ਮੋਬਾਈਲ ਫ਼ੋਨਾਂ ’ਤੇ ਮੁੜ ‘ਟੂੰ-ਟੂੰ’ ਦੇ ਸੁਨੇਹੇ ਆਉਣਗੇ ਕਿਉਂਕਿ ਸਰਕਾਰ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਅਗਲੀ ਕਿਸ਼ਤ ਜਾਰੀ ਕਰਨ ਜਾ ਰਹੀ ਹੈ। ਜਲੰਧਰ ਜ਼ਿਲ੍ਹੇ ਦੇ ਹਲਕਾ ਨਕੋਦਰ ਦੇ ਪਿੰਡ ਸਰੀਂਹ ਵਿਖੇ ‘ਲੋਕ ਮਿਲਣੀ’ ਦੌਰਾਨ ਉਨ੍ਹਾਂ ਕਿਹਾ ਕਿ ਸਰਕਾਰ ਦੀ ਨੀਅਤ ਸਾਫ਼ ਹੈ ਅਤੇ ਲੋਕਾਂ ਦਾ ਪੈਸਾ ਲੋਕਾਂ ਦੀ ਭਲਾਈ ’ਤੇ ਹੀ ਖ਼ਰਚ ਕੀਤਾ ਜਾ ਰਿਹਾ ਹੈ।
ਮਾਨ ਨੇ ਦੋਸ਼ ਲਾਇਆ ਕਿ ਪਿਛਲੀਆਂ ਸਰਕਾਰਾਂ ਨੇ ਜਨਤਾ ਦੇ ਪੈਸੇ ਨਾਲ ਆਪਣੇ ਖ਼ਜ਼ਾਨੇ ਭਰੇ, ਜਦਕਿ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਆਮ ਲੋਕਾਂ ਨੂੰ ਰਾਹਤ ਦੇਣ ਵਾਲੀਆਂ ਯੋਜਨਾਵਾਂ ਬੰਦ ਕਰਨ ਦੀਆਂ ਧਮਕੀਆਂ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਮਹਿਲਾਵਾਂ ਦੇ ਸਵੈ-ਮਾਣ ਅਤੇ ਆਰਥਿਕ ਸਸ਼ਕਤੀਕਰਨ ਤੋਂ ਇਲਾਵਾ ਸਿੱਖਿਆ, ਸਿਹਤ, ਰੋਜ਼ਗਾਰ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਨੂੰ ਤਰਜੀਹ ਦੇ ਰਹੀ ਹੈ।
70,862 ਨੌਕਰੀਆਂ ਦੇਣ ਦਾ ਦਾਅਵਾ
ਮੁੱਖ ਮੰਤਰੀ ਨੇ ਦੱਸਿਆ ਕਿ ਸਾਢੇ ਚਾਰ ਸਾਲਾਂ ਵਿੱਚ ਨੌਜਵਾਨਾਂ ਨੂੰ ਮੈਰਿਟ ਦੇ ਆਧਾਰ ’ਤੇ 70,862 ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ ਦੀ ਪ੍ਰੀਖਿਆ ਪਾਸ ਕੀਤੀ ਹੈ, ਜਦਕਿ 2021 ਵਿੱਚ ਇਹ ਗਿਣਤੀ 80 ਸੀ। ਉਨ੍ਹਾਂ ਮੁਤਾਬਕ ਹੁਣ ਗ਼ਰੀਬ ਪਰਿਵਾਰਾਂ ਦੇ ਬੱਚੇ ਵੀ ਡਾਕਟਰ ਅਤੇ ਇੰਜੀਨੀਅਰ ਬਣ ਰਹੇ ਹਨ।
ਮਾਨ ਨੇ ਕਿਹਾ ਕਿ ਪੰਜਾਬ ਦੇ ਲਗਭਗ 90 ਫ਼ੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਦਾ ਲਾਭ ਮਿਲ ਰਿਹਾ ਹੈ। ਇਸ ਤੋਂ ਇਲਾਵਾ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਹੁਣ ਤੱਕ ਕਰੀਬ 54 ਲੱਖ ਪਰਿਵਾਰਾਂ ਦੇ ਸਿਹਤ ਕਾਰਡ ਬਣਾਏ ਜਾ ਚੁੱਕੇ ਹਨ। ਉਨ੍ਹਾਂ ਯੋਗ ਪਰਿਵਾਰਾਂ ਨੂੰ ਕਾਰਡ ਬਣਵਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਆਰਥਿਕ ਤੰਗੀ ਕਾਰਨ ਕਿਸੇ ਦਾ ਇਲਾਜ ਨਹੀਂ ਰੁਕਣਾ ਚਾਹੀਦਾ।
ਸਿੰਚਾਈ ਲਈ 14 ਹਜ਼ਾਰ ਕਿਲੋਮੀਟਰ ਪਾਈਪਲਾਈਨਾਂ ਵਿਛਾਉਣ ਦਾ ਦਾਅਵਾ
ਖੇਤੀਬਾੜੀ ਬਾਰੇ ਮਾਨ ਨੇ ਕਿਹਾ ਕਿ ਕਿਸਾਨਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਕਰੀਬ 14,000 ਕਿਲੋਮੀਟਰ ਪਾਈਪਲਾਈਨਾਂ ਵਿਛਾਈਆਂ ਗਈਆਂ ਹਨ ਅਤੇ ਸਿੰਚਾਈ ਨੈੱਟਵਰਕ ਰਾਹੀਂ 18,000 ਕਿਊਸਿਕ ਪਾਣੀ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਧਰਤੀ ਹੇਠਲੇ ਪਾਣੀ ’ਤੇ ਨਿਰਭਰਤਾ ਘਟਾਉਣ ਵਿੱਚ ਮਦਦ ਮਿਲੇਗੀ।
ਸਿਆਸੀ ਵਿਰੋਧੀਆਂ ’ਤੇ ਨਿਸ਼ਾਨਾ ਸਾਧਦਿਆਂ ਮਾਨ ਨੇ ਕਿਹਾ ਕਿ 25 ਸਾਲ ਰਾਜ ਕਰਨ ਦੇ ਦਾਅਵੇ ਕਰਨ ਵਾਲੇ ਅਕਾਲੀਆਂ ਨੂੰ ਹੁਣ ਸਮਰਥਕ ਇਕੱਠੇ ਕਰਨ ਲਈ ਸੰਘਰਸ਼ ਕਰਨਾ ਪੈ ਰਿਹਾ ਹੈ। ਉਨ੍ਹਾਂ ਅਕਾਲੀ ਦਲ ਵੱਲੋਂ ਭਾਜਪਾ ਨਾਲ ਮੁੜ ਗਠਜੋੜ ਦੀਆਂ ਕੋਸ਼ਿਸ਼ਾਂ ’ਤੇ ਵੀ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਪਣੇ ਵੋਟ ਦੇ ਹੱਕ ਨਾਲ ਫ਼ੈਸਲਾ ਕਰਨਾ ਹੈ ਅਤੇ ਸਰਕਾਰ ਸਿੱਖਿਆ, ਸਿਹਤ, ਰੋਜ਼ਗਾਰ, ਮਹਿਲਾ ਸਸ਼ਕਤੀਕਰਨ ਤੇ ਸਿੰਚਾਈ ਖੇਤਰਾਂ ਵਿੱਚ ਕੰਮ ਜਾਰੀ ਰੱਖੇਗੀ।