ਮਾਨਸਾ ਦੀ VIP ਸੜਕ ਟੁੱਟਣ ਦਾ ਮਾਮਲਾ, ਹਾਈ ਕੋਰਟ ਵੱਲੋਂ ਵਿਜੀਲੈਂਸ ਨੂੰ ਕਾਰਵਾਈ ਦੇ ਹੁਕਮ
ਇਹ ਪਟੀਸ਼ਨ ਐਡਵੋਕੇਟ ਗੁਰਲਾਭ ਸਿੰਘ ਮਾਹਲ, ਮਾਣਿਕ ਗੋਇਲ, ਹਰਿੰਦਰ ਸਿੰਘ ਮਾਨਸ਼ਾਹੀਆ, ਪਰਮਿੰਦਰ ਸਿੰਘ ਅਤੇ ਦਵਿੰਦਰ ਢਿੱਲੋਂ ਵੱਲੋਂ ਦਾਇਰ ਕੀਤੀ ਗਈ ਸੀ। ਪਟੀਸ਼ਨਰਾਂ ਵੱਲੋਂ ਸੜਕ ਨਿਰਮਾਣ ’ਚ ਕਥਿਤ ਬੇਨਿਯਮੀਆਂ ਅਤੇ ਘਪਲੇ ਦੀ ਜਾਂਚ ਦੀ ਮੰਗ ਕੀਤੀ ਗਈ ਸੀ।
Publish Date: Fri, 28 Aug 2026 09:07 AM (IST)
Updated Date: Fri, 28 Aug 2026 09:09 AM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ। ਮਾਨਸਾ ਦੀ ਵੀਆਈਪੀ ਰੋਡ (ਕਚਹਿਰੀ ਰੋਡ) ਬਣਨ ਤੋਂ ਕੁਝ ਦਿਨਾਂ ਬਾਅਦ ਹੀ ਟੁੱਟਣ ਦੇ ਮਾਮਲੇ ’ਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਵਿਜੀਲੈਂਸ ਬਿਊਰੋ ਦੇ ਡਾਇਰੈਕਟਰ ਨੂੰ ਕਾਰਵਾਈ ਦੇ ਹੁਕਮ ਦਿੱਤੇ ਹਨ। ਜਸਟਿਸ ਐੱਨ.ਐੱਸ. ਸ਼ੇਖਾਵਤ ਦੀ ਅਦਾਲਤ ਨੇ ਵਿਜੀਲੈਂਸ ਨੂੰ 16 ਅਗਸਤ 2026 ਨੂੰ ਦਿੱਤੀ ਪ੍ਰਤੀਨਿਧਤਾ ’ਤੇ ਵਿਚਾਰ ਕਰਕੇ ਦੋ ਹਫ਼ਤਿਆਂ ਅੰਦਰ ਕਾਨੂੰਨ ਅਨੁਸਾਰ ਢੁਕਵਾਂ ਹੁਕਮ ਪਾਸ ਕਰਨ ਲਈ ਕਿਹਾ ਹੈ।
ਇਹ ਪਟੀਸ਼ਨ ਐਡਵੋਕੇਟ ਗੁਰਲਾਭ ਸਿੰਘ ਮਾਹਲ, ਮਾਣਿਕ ਗੋਇਲ, ਹਰਿੰਦਰ ਸਿੰਘ ਮਾਨਸ਼ਾਹੀਆ, ਪਰਮਿੰਦਰ ਸਿੰਘ ਅਤੇ ਦਵਿੰਦਰ ਢਿੱਲੋਂ ਵੱਲੋਂ ਦਾਇਰ ਕੀਤੀ ਗਈ ਸੀ। ਪਟੀਸ਼ਨਰਾਂ ਵੱਲੋਂ ਸੜਕ ਨਿਰਮਾਣ ’ਚ ਕਥਿਤ ਬੇਨਿਯਮੀਆਂ ਅਤੇ ਘਪਲੇ ਦੀ ਜਾਂਚ ਦੀ ਮੰਗ ਕੀਤੀ ਗਈ ਸੀ।
ਪਟੀਸ਼ਨ ਅਨੁਸਾਰ ਮਾਨਸਾ ਕਚਹਿਰੀ ਤੋਂ ਛੋਟੀ ਮਾਨਸਾ ਮੰਦਰ ਨੇੜੇ ਤੱਕ ਕਰੀਬ 700 ਫੁੱਟ ਆਰਸੀਸੀ ਸੜਕ ਬਣਾਈ ਗਈ ਸੀ। ਦੋਸ਼ ਲਾਇਆ ਗਿਆ ਕਿ ਸੜਕ ਬਣਨ ਤੋਂ ਕੁਝ ਦਿਨਾਂ ਬਾਅਦ ਹੀ ਇਸ ਦੀ ਉਪਰਲੀ ਪਰਤ ਖੁਰਨ ਅਤੇ ਟੁੱਟਣ ਲੱਗ ਪਈ। ਮਾਮਲਾ ਨਗਰ ਕੌਂਸਲ ਅਤੇ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ।
ਇਸ ਦੌਰਾਨ ਡਿਪਟੀ ਕਮਿਸ਼ਨਰ ਮਾਨਸਾ ਵੱਲੋਂ ਬਣਾਈ ਤਕਨੀਕੀ ਕਮੇਟੀ ਨੇ ਸੜਕ ਦੀ ਜਾਂਚ ਕਰਕੇ ਰਿਪੋਰਟ ਡਾਇਰੈਕਟਰ, ਸਥਾਨਕ ਸਰਕਾਰ ਨੂੰ ਭੇਜੀ ਸੀ। ਪਟੀਸ਼ਨਰਾਂ ਮੁਤਾਬਕ ਰਿਪੋਰਟ ਵਿੱਚ ਠੇਕੇਦਾਰ ਸਮੇਤ ਨਗਰ ਕੌਂਸਲ ਦੇ ਕੁਝ ਅਧਿਕਾਰੀਆਂ ਦੀ ਜ਼ਿੰਮੇਵਾਰੀ ਸਾਹਮਣੇ ਆਈ ਸੀ, ਪਰ ਉਨ੍ਹਾਂ ਖ਼ਿਲਾਫ਼ ਅੱਗੇ ਕਾਰਵਾਈ ਨਹੀਂ ਹੋਈ।
ਪਟੀਸ਼ਨਰਾਂ ਨੇ ਸੜਕ ਦੇ ਨਿਰਮਾਣ, ਨਿਗਰਾਨੀ, ਗੁਣਵੱਤਾ ਜਾਂਚ ਅਤੇ ਭੁਗਤਾਨ ਨਾਲ ਸਬੰਧਤ ਮਾਮਲਿਆਂ ਦੀ ਜਾਂਚ ਕਰਕੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਸੀ। ਉਨ੍ਹਾਂ ਦੇ ਵਕੀਲ ਐੱਚ.ਐੱਸ. ਮੁਲਤਾਨੀ ਨੇ ਅਦਾਲਤ ਨੂੰ ਦੱਸਿਆ ਕਿ ਇਸ ਸਬੰਧੀ ਪਹਿਲਾਂ ਹੀ ਵਿਜੀਲੈਂਸ ਬਿਊਰੋ ਦੇ ਡਾਇਰੈਕਟਰ ਨੂੰ ਪ੍ਰਤੀਨਿਧਤਾ ਦਿੱਤੀ ਜਾ ਚੁੱਕੀ ਹੈ।
ਹਾਈ ਕੋਰਟ ਨੇ ਵਿਜੀਲੈਂਸ ਡਾਇਰੈਕਟਰ ਨੂੰ ਇਸ ਪ੍ਰਤੀਨਿਧਤਾ ’ਤੇ ਦੋ ਹਫ਼ਤਿਆਂ ਅੰਦਰ ਕਾਨੂੰਨ ਮੁਤਾਬਕ ਫ਼ੈਸਲਾ ਕਰਨ ਦੇ ਨਿਰਦੇਸ਼ ਦਿੱਤੇ। ਇਨ੍ਹਾਂ ਹੁਕਮਾਂ ਨਾਲ ਅਦਾਲਤ ਨੇ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ।