
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

Qaumi Insaaf Morcha ਨਾਲ ਸਬੰਧਤ ਜਥੇਬੰਦੀਆਂ ਦੀ ਮੀਟਿੰਗ ਤੋਂ ਬਾਅਦ ਇਹ ਐਲਾਨ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਪੰਜਾਬ ਬੰਦ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਰਹੇਗਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ 2026 ਨੂੰ ਦਿੱਤੇ ਪੰਜਾਬ ਬੰਦ ਦੇ ਸੱਦੇ ਦਾ ਸਮਰਥਨ ਕੀਤਾ ਹੈ।

Punjab Bandh 21st August : ਕੌਮੀ ਇਨਸਾਫ਼ ਮੋਰਚੇ ਨਾਲ ਜੁੜੀਆਂ ਸਹਿਯੋਗੀ ਜਥੇਬੰਦੀਆਂ ਨੇ ਆਪਣੇ ਸਮਰਥਕਾਂ ਖ਼ਿਲਾਫ਼ ਕਥਿਤ ਪੁਲਿਸ ਕਾਰਵਾਈ, ਮਾਮਲੇ ਦਰਜ ਕਰਨ ਤੇ ਬੰਦੀ ਸਿੰਘਾਂ ਦੀ ਲਗਾਤਾਰ ਨਜ਼ਰਬੰਦੀ ਦੇ ਵਿਰੋਧ 'ਚ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਮੋਰਚੇ ਨਾਲ ਸਬੰਧਤ ਜਥੇਬੰਦੀਆਂ ਦੀ ਮੀਟਿੰਗ ਤੋਂ ਬਾਅਦ ਇਹ ਐਲਾਨ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਪੰਜਾਬ ਬੰਦ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਰਹੇਗਾ।
ਪੰਜਾਬ ਬੰਦ ਦੌਰਾਨ ਬਾਜ਼ਾਰ ਤੇ ਜਨਤਕ ਆਵਾਜਾਈ ਬੰਦ ਰਹੇਗੀ। ਸਕੂਲ ਅਤੇ ਕਾਲਜ ਵੀ ਬੰਦ ਦੇ ਸੱਦੇ ਤਹਿਤ ਬੰਦ ਰਹਿਣਗੇ। ਜਥੇਬੰਦੀਆਂ ਨੇ ਇਹ ਵੀ ਐਲਾਨ ਕੀਤਾ ਕਿ ਬੰਦ ਸਮੇਂ ਸੜਕੀ ਆਵਾਜਾਈ ਰੋਕੀ ਜਾਵੇਗੀ। ਉਨ੍ਹਾਂ ਸਰਕਾਰ ਨੂੰ ਰੇਲ ਸੇਵਾਵਾਂ ਰੋਕਣ ਦੀ ਵੀ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਘੱਟ ਤੋਂ ਘੱਟ ਪਰੇਸ਼ਾਨੀ ਹੋਵੇ, ਇਸ ਨੂੰ ਧਿਆਨ 'ਚ ਰੱਖਦਿਆਂ ਸੱਤ ਘੰਟਿਆਂ ਦਾ ਸਮਾਂ ਤੈਅ ਕੀਤਾ ਗਿਆ ਹੈ।
ਪੰਜਾਬ ਬੰਦ ਦੌਰਾਨ ਐਮਰਜੈਂਸੀ ਸੇਵਾਵਾਂ ਨੂੰ ਛੋਟ ਰਹੇਗੀ। ਹਸਪਤਾਲ ਤੇ ਮੈਡੀਕਲ ਸਟੋਰ ਖੁੱਲ੍ਹੇ ਰਹਿਣਗੇ। ਹਵਾਈ ਅੱਡਿਆਂ ਵੱਲ ਜਾਣ ਵਾਲੇ ਲੋਕਾਂ, ਪ੍ਰੀਖਿਆਵਾਂ 'ਚ ਸ਼ਾਮਲ ਹੋਣ ਵਾਲਿਆਂ ਅਤੇ ਵਿਆਹ ਸਮਾਗਮਾਂ 'ਚ ਜਾਣ ਵਾਲੇ ਲੋਕਾਂ ਨੂੰ ਵੀ ਆਵਾਜਾਈ ਦੀ ਇਜਾਜ਼ਤ ਹੋਵੇਗੀ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ 2026 ਨੂੰ ਦਿੱਤੇ ਪੰਜਾਬ ਬੰਦ ਦੇ ਸੱਦੇ ਦਾ ਸਮਰਥਨ ਕਰਦਿਆਂ ਪਹਿਲਾਂ ਤੋਂ ਨਿਰਧਾਰਤ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 21 ਅਗਸਤ ਦੀ ਥਾਂ 22 ਅਗਸਤ ਨੂੰ ਕਰਨ ਦਾ ਫੈਸਲਾ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 21 ਅਗਸਤ ਨੂੰ ਰੱਖੀ ਗਈ ਸੀ, ਜੋ ਹੁਣ 22 ਅਗਸਤ ਨੂੰ ਸਵੇਰੇ 11 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਅੰਮ੍ਰਿਤਸਰ ਵਿਖੇ ਹੋਵੇਗੀ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਲਈ ਜਿਥੇ ਆਪ ਹਮੇਸ਼ਾਂ ਯਤਨਸ਼ੀਲ ਰਹੀ ਹੈ, ਉਥੇ ਹੀ ਇਸ ਕਾਰਜ ਲਈ ਹਰ ਸੰਘਰਸ਼ ਦਾ ਪੂਰਨ ਰੂਪ ਵਿਚ ਸਮਰਥਨ ਵੀ ਕਰਦੀ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮ ਦੀਆਂ ਭਾਵਨਾਵਾਂ ਨੂੰ ਸਮਝਣ ਦੀ ਥਾਂ ਇਸ ਸਬੰਧੀ ਸੰਘਰਸ਼ ਕਰਨ ਵਾਲਿਆਂ ਦੀ ਅਵਾਜ਼ ਨੂੰ ਹੀ ਦਬਾਉਣਾ ਚਾਹੁੰਦੀ ਹੈ, ਜਿਸ ਦਾ ਇਨਸਾਫ਼ਪਸੰਦ ਹਰ ਵਿਅਕਤੀ ਨੂੰ ਵਿਰੋਧ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਬੰਦ ਦੇ ਸਮਰਥਨ ਵਿਚ 21 ਅਗਸਤ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੇ ਸਮੂਹ ਅਦਾਰੇ ਵੀ ਬੰਦ ਰੱਖੇ ਜਾਣਗੇ।