ਰਾਜਪੁਰਾ 'ਚ ਸ੍ਰੀ ਗੁਟਕਾ ਸਾਹਿਬ ਦੀ ਬੇਅਦਬੀ: ਗੁਰਸਿੱਖ ਪਰਿਵਾਰ ਦੇ ਨੌਜਵਾਨ 'ਤੇ ਲੱਗੇ ਦੋਸ਼, ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਮੁਲਜ਼ਮ ਦੀ ਮਾਂ ਨੇ ਰੋਂਦੇ ਹੋਏ ਦੱਸਿਆ ਕਿ ਉਸ ਦਾ ਪੁੱਤਰ ਮਾਨਸਿਕ ਤੌਰ 'ਤੇ ਠੀਕ ਨਹੀਂ ਹੈ ਅਤੇ ਉਸ ਦਾ ਦਿਮਾਗੀ ਇਲਾਜ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਲੱਕੀ ਪਹਿਲਾਂ ਖੁਦ ਪਾਠੀ ਰਿਹਾ ਹੈ ਅਤੇ ਉਨ੍ਹਾਂ ਦਾ ਪਰਿਵਾਰ ਗੁਰੂ ਘਰ ਦਾ ਸ਼ਰਧਾਲੂ ਹੈ, ਇਸ ਲਈ ਉਹ ਅਜਿਹੀ ਘਟਨਾ ਬਾਰੇ ਸੋਚ ਵੀ ਨਹੀਂ ਸਕਦੇ।
Publish Date: Sun, 22 Feb 2026 02:56 PM (IST)
Updated Date: Sun, 22 Feb 2026 03:19 PM (IST)
ਜਾਸ, ਰਾਜਪੁਰਾ: ਰਾਜਪੁਰਾ ਰੇਲਵੇ ਸਟੇਸ਼ਨ ਦੇ ਕੋਲ ਬੀਤੇ ਦਿਨੀਂ ਸ੍ਰੀ ਗੁਟਕਾ ਸਾਹਿਬ ਦੀ ਬੇਅਦਬੀ ਦੀ ਇੱਕ ਬਹੁਤ ਹੀ ਮੰਦਭਾਗੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ, ਇੱਕ ਵਿਅਕਤੀ ਕੋਲੋਂ ਸ੍ਰੀ ਗੁਟਕਾ ਸਾਹਿਬ ਬਰਾਮਦ ਹੋਏ ਜਿਨ੍ਹਾਂ ਦੇ ਅੰਗ (ਪੰਨੇ) ਫਟੇ ਹੋਏ ਸਨ। ਇਸ ਘਟਨਾ ਦਾ ਪਤਾ ਲੱਗਦਿਆਂ ਹੀ ਸਥਾਨਕ ਲੋਕਾਂ ਵਿੱਚ ਭਾਰੀ ਰੋਸ ਪੈਦਾ ਹੋ ਗਿਆ ਅਤੇ ਮੌਕੇ 'ਤੇ ਹੰਗਾਮਾ ਸ਼ੁਰੂ ਹੋ ਗਿਆ।
ਲੋਕਾਂ ਨੇ ਮੁਲਜ਼ਮ ਨੂੰ ਫੜ ਕੇ ਪੁਲਿਸ ਹਵਾਲੇ ਕੀਤਾ
ਚਸ਼ਮਦੀਦਾਂ ਅਨੁਸਾਰ, ਘਟਨਾ ਤੋਂ ਗੁੱਸੇ ਵਿੱਚ ਆਏ ਕੁਝ ਲੋਕਾਂ ਨੇ ਕਥਿਤ ਮੁਲਜ਼ਮ ਦੀ ਕੁੱਟਮਾਰ ਵੀ ਕੀਤੀ, ਜਿਸ ਤੋਂ ਬਾਅਦ ਉਸ ਨੂੰ ਰਾਜਪੁਰਾ ਸਿਟੀ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ। ਪੁਲਿਸ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਤੁਰੰਤ ਕਾਰਵਾਈ ਕਰਦਿਆਂ ਮੁਲਜ਼ਮ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ (ਧਾਰਾ 295-A) ਅਤੇ ਚੋਰੀ (ਧਾਰਾ 379) ਤਹਿਤ ਮੁਕੱਦਮਾ ਦਰਜ ਕਰ ਲਿਆ ਹੈ।
ਪਰਿਵਾਰ ਨੇ ਮਾਨਸਿਕ ਬਿਮਾਰੀ ਦਾ ਦਿੱਤਾ ਹਵਾਲਾ
ਫੜੇ ਗਏ ਵਿਅਕਤੀ ਦੀ ਪਛਾਣ ਲੱਕੀ (ਨਿਵਾਸੀ ਮਿਰਚ ਮੰਡੀ, ਰਾਜਪੁਰਾ) ਵਜੋਂ ਹੋਈ ਹੈ। ਜਾਂਚ ਦੌਰਾਨ ਪਤਾ ਲੱਗਾ ਹੈ ਕਿ ਮੁਲਜ਼ਮ ਇੱਕ ਗੁਰਸਿੱਖ ਪਰਿਵਾਰ ਨਾਲ ਸਬੰਧ ਰੱਖਦਾ ਹੈ। ਮੁਲਜ਼ਮ ਦੀ ਮਾਂ ਨੇ ਰੋਂਦੇ ਹੋਏ ਦੱਸਿਆ ਕਿ ਉਸ ਦਾ ਪੁੱਤਰ ਮਾਨਸਿਕ ਤੌਰ 'ਤੇ ਠੀਕ ਨਹੀਂ ਹੈ ਅਤੇ ਉਸ ਦਾ ਦਿਮਾਗੀ ਇਲਾਜ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਲੱਕੀ ਪਹਿਲਾਂ ਖੁਦ ਪਾਠੀ ਰਿਹਾ ਹੈ ਅਤੇ ਉਨ੍ਹਾਂ ਦਾ ਪਰਿਵਾਰ ਗੁਰੂ ਘਰ ਦਾ ਸ਼ਰਧਾਲੂ ਹੈ, ਇਸ ਲਈ ਉਹ ਅਜਿਹੀ ਘਟਨਾ ਬਾਰੇ ਸੋਚ ਵੀ ਨਹੀਂ ਸਕਦੇ।
ਮਰਿਆਦਾ ਅਨੁਸਾਰ ਗੁਰਦੁਆਰਾ ਸਾਹਿਬ ਪਹੁੰਚਾਏ ਗਏ ਗੁਟਕਾ ਸਾਹਿਬ
ਐੱਸ.ਐੱਚ.ਓ. ਗੁਰਸੇਵਕ ਸਿੰਘ ਨੇ ਦੱਸਿਆ ਕਿ ਬਰਾਮਦ ਕੀਤੇ ਗਏ ਸ੍ਰੀ ਗੁਟਕਾ ਸਾਹਿਬ ਨੂੰ ਪੁਲਿਸ ਕਰਮਚਾਰੀਆਂ ਵੱਲੋਂ ਪੂਰੀ ਮਰਿਆਦਾ ਅਤੇ ਸਤਿਕਾਰ ਨਾਲ ਗੁਰਦੁਆਰਾ ਬਾਬਾ ਸੰਗਤ ਸਿੰਘ ਵਿਖੇ ਸੁਸ਼ੋਭਿਤ ਕਰ ਦਿੱਤਾ ਗਿਆ ਹੈ। ਪੁਲਿਸ ਅਧਿਕਾਰੀਆਂ ਨੇ ਜਨਤਾ ਨੂੰ ਅਪੀਲ ਕੀਤੀ ਹੈ ਕਿ ਇਲਾਕੇ ਵਿੱਚ ਸ਼ਾਂਤੀ ਬਣਾਈ ਰੱਖੀ ਜਾਵੇ ਅਤੇ ਕਾਨੂੰਨ ਨੂੰ ਆਪਣੇ ਹੱਥ ਵਿੱਚ ਨਾ ਲਿਆ ਜਾਵੇ। ਪੁਲਿਸ ਹੁਣ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ ਕਿ ਇਹ ਮੰਦਭਾਗੀ ਘਟਨਾ ਕਿਨ੍ਹਾਂ ਹਾਲਾਤਾਂ ਵਿੱਚ ਹੋਈ।