- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਰਾਜ ਚੋਣ ਕਮਿਸ਼ਨ ਨੇ ਪਟਿਆਲਾ ਜ਼ਿਲ੍ਹੇ ਦੇ 6 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮਾਂ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਦੇ ਸਖ਼ਤ ਨਿਰਦੇਸ਼ ਦਿੱਤੇ ਹਨ। ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਵੱਲੋਂ ਜਾਰੀ ਕੀਤੇ ਗਏ ਤਾਜ਼ਾ ਹੁਕਮਾਂ ਅਨੁਸਾਰ, ਇਨ੍ਹਾਂ ਅਧਿਕਾਰੀਆਂ ਨੂੰ ਤੁਰੰਤ ਰਿਲੀਵ ਕਰਕੇ ਕਮਿਸ਼ਨ ਨੂੰ ਪਾਲਣਾ ਰਿਪੋਰਟ ਭੇਜਣ ਲਈ ਐਸ.ਐਸ.ਪੀ. ਪਟਿਆਲਾ ਨੂੰ ਹਦਾਇਤ ਕੀਤੀ ਗਈ ਹੈ।

ਨਵਦੀਪ ਢੀਂਗਰਾ, ਪੰਜਾਬੀ ਜਾਗਰਣ, ਪਟਿਆਲਾ : ਪੰਜਾਬ ਰਾਜ ਚੋਣ ਕਮਿਸ਼ਨ ਨੇ ਪਟਿਆਲਾ ਜ਼ਿਲ੍ਹੇ ਦੇ 6 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮਾਂ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਦੇ ਸਖ਼ਤ ਨਿਰਦੇਸ਼ ਦਿੱਤੇ ਹਨ। ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਵੱਲੋਂ ਜਾਰੀ ਕੀਤੇ ਗਏ ਤਾਜ਼ਾ ਹੁਕਮਾਂ ਅਨੁਸਾਰ, ਇਨ੍ਹਾਂ ਅਧਿਕਾਰੀਆਂ ਨੂੰ ਤੁਰੰਤ ਰਿਲੀਵ ਕਰਕੇ ਕਮਿਸ਼ਨ ਨੂੰ ਪਾਲਣਾ ਰਿਪੋਰਟ ਭੇਜਣ ਲਈ ਐਸ.ਐਸ.ਪੀ. ਪਟਿਆਲਾ ਨੂੰ ਹਦਾਇਤ ਕੀਤੀ ਗਈ ਹੈ।
ਜਾਣਕਾਰੀ ਅਨੁਸਾਰ, ਡੀ.ਆਈ.ਜੀ. (ਪਟਿਆਲਾ ਰੇਂਜ) ਵੱਲੋਂ ਬੀਤੀ 12 ਨਵੰਬਰ ਨੂੰ ਪਟਿਆਲਾ ਜ਼ਿਲ੍ਹੇ ਵਿੱਚ ਤਾਇਨਾਤ 6 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਗਏ ਸਨ। ਪਰ ਕਮਿਸ਼ਨ ਨੂੰ ਸ਼ਿਕਾਇਤ ਮਿਲੀ ਸੀ ਕਿ ਇਨ੍ਹਾਂ ਹੁਕਮਾਂ ਦੀ ਪਾਲਣਾ ਨਹੀਂ ਕੀਤੀ ਜਾ ਰਹੀ। ਇਸ ਸਬੰਧੀ ਜਦੋਂ ਜ਼ਿਲ੍ਹਾ ਚੋਣ ਅਫ਼ਸਰ ਪਟਿਆਲਾ ਤੋਂ ਰਿਪੋਰਟ ਮੰਗੀ ਗਈ ਤਾਂ ਜਾਂਚ ਵਿੱਚ ਸਾਹਮਣੇ ਆਇਆ ਕਿ ਇਹ ਤਬਾਦਲੇ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੀਤੇ ਗਏ ਸਨ, ਪਰ 12 ਨਵੰਬਰ ਨੂੰ ਨਗਰ ਨਿਗਮ ਚੋਣਾਂ ਦਾ ਐਲਾਨ ਹੋਣ ਕਾਰਨ ਇਨ੍ਹਾਂ ਨੂੰ ਰੋਕ ਕੇ ਰੱਖਿਆ ਗਿਆ ਸੀ।
ਇਸ ਮਾਮਲੇ ਵਿੱਚ ਥਾਣਾ ਕੋਤਵਾਲੀ ਪਟਿਆਲਾ ਦੇ ਇੰਸਪੈਕਟਰ ਅਤੇ ਐੱਸ.ਐੱਚ.ਓ. ਅਮਨਪਾਲ ਸਿੰਘ ਦੀ ਕਾਰਜਸ਼ੈਲੀ ਖ਼ਿਲਾਫ਼ ਵੀ ਕਮਿਸ਼ਨ ਨੂੰ ਵੱਖਰੀ ਸ਼ਿਕਾਇਤ ਪ੍ਰਾਪਤ ਹੋਈ ਸੀ। ਕਮਿਸ਼ਨ ਨੇ ਸਪੱਸ਼ਟ ਕੀਤਾ ਕਿ ਕਿਉਂਕਿ ਡੀ.ਆਈ.ਜੀ. ਪਟਿਆਲਾ ਰੇਂਜ ਵੱਲੋਂ ਉਨ੍ਹਾਂ ਦੇ ਤਬਾਦਲੇ ਦੇ ਹੁਕਮ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ, ਇਸ ਲਈ ਕਮਿਸ਼ਨ ਇਸ 'ਤੇ ਕੋਈ ਵੱਖਰੀ ਟਿੱਪਣੀ ਨਹੀਂ ਕਰੇਗਾ।
ਨਿਰਪੱਖ ਅਤੇ ਸੁਤੰਤਰ ਚੋਣਾਂ ਨੂੰ ਯਕੀਨੀ ਬਣਾਉਣ ਲਈ ਕਮਿਸ਼ਨ ਨੇ ਐਸ.ਐਸ.ਪੀ. ਪਟਿਆਲਾ ਨੂੰ ਨਿਰਦੇਸ਼ ਦਿੱਤੇ ਹਨ ਕਿ ਅਮਨਪਾਲ ਸਿੰਘ ਨੂੰ ਤੁਰੰਤ ਫਾਰਗ ਕੀਤਾ ਜਾਵੇ ਅਤੇ ਉਨ੍ਹਾਂ ਦੀ ਥਾਂ 'ਤੇ ਥਾਣਾ ਕੋਤਵਾਲੀ ਦੇ ਨਵੇਂ ਐੱਸ ਐੱਚ ਓ ਦਾ ਪੈਨਲ ਕਮਿਸ਼ਨ ਨੂੰ ਭੇਜਿਆ ਜਾਵੇ।